ਚੰਡੀਗੜ੍ਹ 27 ਮਈ 2024 (ਫਤਿਹ ਪੰਜਾਬ) ਅੱਜ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਦੇ ਪੁੱਤਰ ਅਰਵਿੰਦ ਮਿੱਤਲ ਮੁੜ ਭਾਜਪਾ ’ਚ ਸ਼ਾਮਲ ਹੋ ਗਏ। ਉਹ ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਅਰਵਿੰਦ ਪਹਿਲਾਂ ਭਾਜਪਾ ਦਾ ਮੁੱਖ ਬੁਲਾਰਾ ਰਿਹਾ ਹੈ।
ਪ੍ਰੈਸ ਕਾਨਫਰੰਸ ਦੌਰਾਨ ਗਜੇਂਦਰ ਸਿੰਘ ਸ਼ੇਖਾਵਤ ਨੇ ਆਖਿਆ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਤੋਂ ਆਮ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਿਆ ਹੈ। ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਗਏ। ਹੁਣ ਪੰਜਾਬ ਦੇ ਲੋਕ ਆਪਣੇ ਆਪ ਹੀ ਚਾਰ ਤਰੀਕ ਤੋਂ ਬਾਅਦ ਇਸ ਸਰਕਾਰ ਨੂੰ ਤੋਰ ਦੇਣਗੇ।
ਯਾਦ ਰਹੇ ਕਿ ਪੰਜਾਬ ਦੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਭਾਰਤੀ ਜਨਤਾ ਪਾਰਟੀ ਦੇ ਮੂਹਰਲੀ ਕਤਾਰ ਦੇ ਸੀਨੀਅਰ ਆਗੂ ਰਹੇ ਹਨ ਪਰ ਹਾਲੇ ਤੱਕ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਹੀ ਹਨ।
ਚਾਰ ਵਾਰ ਵਿਧਾਇਕ ਰਹਿ ਚੁੱਕੇ ਮਿੱਤਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਭਾਜਪਾ ਵੱਲੋਂ ਉਨ੍ਹਾਂ ਦੇ ਪੁੱਤਰ ਅਰਵਿੰਦ ਮਿੱਤਲ ਨੂੰ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਟਿਕਟ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਨਾਰਾਜ਼ ਹੋ ਕੇ ਆਪਣੇ ਪੁੱਤਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਅਕਾਲੀ ਦਲ ਨੇ ਉਨ੍ਹਾਂ ਨੂੰ ਉਥੋਂ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕਰਕੇ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ।