ਚੰਡੀਗੜ੍ਹ 4 ਜੂਨ 2024 (ਫਤਿਹ ਪੰਜਾਬ) ਅੱਜ ਸੰਸਦੀ ਚੋਣਾਂ ਦੇ ਨਤੀਜੇ ਐਲਾਨੇ ਗਏ ਅਤੇ ਪੰਜਾਬ ਤੋਂ 13 ਮੈਂਬਰ ਪਾਰਲੀਮੈਂਟ (MP) ਚੁਣੇ ਗਏ ਹਨ ਪਰ ਇੰਨਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਅਗਲੇ ਛੇ ਮਹੀਨਿਆਂ ਦੇ ਅੰਦਰ-ਅੰਦਰ ਹੋਣੀਆਂ ਤੈਅ ਹਨ ਕਿਉਂਕਿ ਕੁਝ ਮੌਜੂਦਾ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਹਨ। 

ਵੱਡੀ ਉਮੀਦ ਹੈ ਕਿ ਇਹ ਜ਼ਿਮਨੀ ਚੋਣਾਂ ਗਵਾਂਢੀ ਰਾਜ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨਾਲ ਹੀ ਹੋਣਗੀਆਂ। ਕਈ ਹੋਰ ਸੂਬਿਆਂ ਵਿੱਚ ਵੀ ਕੁਝ ਮੌਜੂਦਾ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਕਾਰਨ ਉੱਥੇ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ। 

ਬਰਨਾਲਾ ਵਿਧਾਨ ਸਭਾ ਹਲਕੇ ਤੋਂ  ਜ਼ਿਮਨੀ ਚੋਣ ਹੋਵੇਗੀ ਕਿਉਂਕਿ ਇੱਥੋਂ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਹ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ। ਉਨ੍ਹਾਂ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਰਾਜ ਸਰਕਾਰ ਵਿੱਚ ਕੈਬਨਿਟ ਦਾ ਇੱਕ ਅਹੁਦਾ ਵੀ ਖਾਲੀ ਹੋ ਗਿਆ ਹੈ।

ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਵੀ ਉਪ ਚੋਣ ਹੋਵੇਗੀ ਕਿਉਂਕਿ ਇੱਥੋਂ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਹਨ।

ਇਸੇ ਤਰਾਂ ਹੁਸ਼ਿਆਰਪੁਰ ਜ਼ਿਲੇ ਵਿੱਚ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਰਾਜ ਕੁਮਾਰ ਵੀ ਹੁਸ਼ਿਆਰਪੁਰ ਸੰਸਦੀ ਹਲਕੇ ਤੋਂ ਜਿੱਤ ਗਏ ਹਨ। ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਵਿੱਚ ਵੀ ਜ਼ਿਮਨੀ ਚੋਣ ਹੋਣੀ ਹੈ ਕਿਉਂਕਿ ਇੱਥੋਂ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਚਲੇ ਗਏ ਸੀ। ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਕਾਰਨ ਵਿਧਾਨ ਸਭਾ ਦੀ ਇਹ ਸੀਟ ਖਾਲੀ ਹੋ ਗਈ ਹੈ।

ਉਧਰ ਗੁਰਦਾਸਪੁਰ ਜ਼ਿਲੇ ਵਿੱਚ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੀ ਉਪ ਚੋਣ ਵੀ ਹੋਵੇਗੀ ਕਿਉਂਕਿ ਇੱਥੋਂ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਵਜੋਂ ਲੋਕ ਸਭਾ ਚੋਣ ਜਿੱਤ ਗਏ ਹਨ।

Skip to content