ਲੁਧਿਆਣਾ ਚ ਇਆਲੀ ਤੇ ਅਮਰਗੜ ਚ ਢੀਂਡਸਾ ਧੜਾ ਮੀਟਿੰਗ ਚੋਂ ਰਿਹਾ ਨਦਾਰਦ

ਕਿਹਾ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਨਾ ਹੋਵੋ ਨਿਰਾਸ਼

ਚੰਡੀਗੜ੍ਹ 9 ਜੂਨ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਲੋਕ ਸਭਾ ਹਲਕਿਆਂ ’ਚ ਪਾਰਟੀ ਉਮੀਦਵਾਰਾਂ, ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਦੌਰੇ ਜਾਰੀ ਹਨ ਤਾਂ ਜੋ ਦਲ ਦੀ ਹਾਰ ਦੇ ਕਾਰਨਾਂ ਦਾ ਪਤਾ ਲਾਇਆ ਜਾਵੇ।

ਬੀਤੇ ਦਿਨ ਉਨ੍ਹਾਂ ਨੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਅਮਰਗੜ੍ਹ ਤੇ ਰਣਜੀਤ ਸਿੰਘ ਢਿੱਲੋਂ ਨਾਲ ਲੁਧਿਆਣਾ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਮੁਲਾਕਾਤ ਕੀਤੀ। ਇੰਨਾਂ ਦੋਵਾਂ ਥਾਵਾਂ ’ਤੇ ਜ਼ਿਲਾ ਪੱਧਰ ਦੇ ਪਾਰਟੀ ਆਗੂ ਤੇ ਵਰਕਰ ਵੀ ਮੀਟਿੰਗਾਂ ਵਿੱਚ ਸ਼ਾਮਲ ਸਨ।

ਪਰ ਦੇਖਿਆ ਗਿਆ ਕਿ ਸੰਗਰੂਰ ਜ਼ਿਲ੍ਹੇ ਦੀ ਕਸਬਾ ਅਮਰਗੜ ਵਿਖੇ ਇਕਬਾਲ ਝੂੰਦਾਂ ਦੇ ਘਰ ਹੋਈ ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਸੰਬੰਧਿਤ ਮੁੱਖ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਨਹੀਂ ਸਨ। ਇਸੇ ਤਰ੍ਹਾਂ ਲੁਧਿਆਣਾ ਵਿਖੇ ਰਣਜੀਤ ਢਿੱਲੋਂ ਦੇ ਘਰ ਹੋਈ ਮੀਟਿੰਗ ਮੌਕੇ ਹਲਕਾ ਦਾਖਾ ਤੋਂ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਨਦਾਰਦ ਰਹੇ। ਦੱਸ ਦਈਏ ਕਿ ਪਿਛਲੇ ਦਿਨੀਂ ਇਆਲੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਦੋਂ ਤੱਕ ਝੂੰਦਾਂ ਕਮੇਟੀ ਦੀ ਰਿਪੋਰਟ ਅਕਾਲੀ ਦਲ ਵੱਲੋਂ ਲਾਗੂ ਨਹੀਂ ਕੀਤੀ ਜਾਂਦੀ ਉਨਾਂ ਚਿਰ ਤੱਕ ਉਹ ਅਕਾਲੀ ਦਲ ਦੀਆਂ ਮੀਟਿੰਗਾਂ ਵਿੱਚ ਸ਼ਾਮਿਲ ਨਹੀਂ ਹੋਣਗੇ।

ਸੁਖਬੀਰ ਸਿੰਘ ਬਾਦਲ ਨੇ ਇੰਨਾਂ ਮੀਟਿੰਗਾਂ ਵਿੱਚ ਬੋਲਦਿਆਂ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਾਂਗੇ, ਭਾਵੇਂ ਉਹ ਦਰਿਆਈ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਹੋਵੇ ਜਾਂ ਫਿਰ ਕਿਸਾਨਾਂ ਲਈ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਲੈਣੀ ਹੋਵੇ, ਹਰ ਮਸਲੇ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਰਹਾਂਗੇ। 

ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਨਤੀਜਿਆਂ ਤੋਂ ਨਿਰਾਸ਼ ਨਾ ਹੋਣ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਆਉਂਦੀਆਂ ਜ਼ਿਮਨੀ ਚੋਣਾਂ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਕਿਵੇਂ ਦਿੱਲੀ ਆਧਾਰਿਤ ਪਾਰਟੀਆਂ ਅਕਾਲੀ ਦਲ ਖ਼ਿਲਾਫ਼ ਇਕਜੁੱਟ ਹੋਈਆਂ ਸਨ।

Skip to content