ਚੰਡੀਗੜ੍ਹ, 12 ਜੂਨ 2024 (ਫ਼ਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।
ਯਾਦ ਰਹੇ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਕੁੱਝ ਜਿਲਿਆਂ ਵਿੱਚ ਜਾ ਕੇ ਲੋਕ ਸਭਾ ਚੋਣਾਂ ਹਾਰਨ ਵਾਲੇ ਨੇਤਾਵਾਂ ਨਾਲ ਮੀਟਿੰਗਾਂ ਕਰਕੇ ਸਿਆਸੀ ਸਥਿਤੀ ਅਤੇ ਪਾਰਟੀ ਦੀ ਹੋਈ ਹਾਰ ਦੇ ਕਾਰਨਾਂ ਬਾਰੇ ਚਰਚਾ ਵੀ ਕੀਤੀ ਸੀ। ਉਧਰ ਅਕਾਲੀ ਦਲ ਦੇ ਅੰਦਰੋਂ ਹੀ ਕਈ ਸੀਨੀਅਰ ਨੇਤਾਵਾਂ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹੋਈ ਤਾਜ਼ਾ ਹਾਰ ਨੂੰ ਲੈ ਕੇ ਕਈ ਕਿੰਤੂ ਕੀਤੇ ਹਨ ਅਤੇ ਇਸ ਬਾਰੇ ਪਾਰਟੀ ਨੂੰ ਗੰਭੀਰ ਚਿੰਤਨ ਕਰਨ ਲਈ ਆਖਿਆ ਹੈ।
ਇੰਨਾਂ ਨੇਤਾਵਾਂ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾਂ ਅਤੇ ਮਨਪ੍ਰੀਤ ਸਿੰਘ ਇਆਲੀ ਸ਼ਾਮਲ ਹਨ ਜਦਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਤਾਂ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਲਈ ਆਖ ਚੁੱਕੇ ਹਨ।