ਨਵੀਂ ਦਿੱਲੀ 19 ਜੂਨ 2024 (ਫਤਿਹ ਪੰਜਾਬ) Delhi Excise Policy Case ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਉੱਨਾਂ ਨੂੰ ਫਿਲਹਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਕਿਉਂਕਿ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ।
ਬੁੱਧਵਾਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਮੁਲਜ਼ਮ ਵਿਨੋਦ ਚੌਹਾਨ ਦੀ ਨਿਆਂਇਕ ਹਿਰਾਸਤ ਵੀ 3 ਜੁਲਾਈ ਤੱਕ ਵਧਾ ਦਿੱਤੀ ਹੈ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਦਰਅਸਲ, ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘਪਲੇ ਵਿੱਚ ਦੋਵੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਯਾਦ ਰਹੇ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਅਦਾਲਤ ਵਿੱਚ ਸੁਣਵਾਈ ਦੌਰਾਨ ਈਡੀ ਦੇ ਵਕੀਲ ਨੇ ਕਿਹਾ ਕਿ ਵਿਨੋਦ ਚੌਹਾਨ ਨੇ ਅਭਿਸ਼ੇਕ ਬੋਇਨਪੱਲੀ ਰਾਹੀਂ ਬੀਆਰਐਸ ਨੇਤਾ ਕੇ. ਕਵਿਤਾ ਦੇ ਪੀਏ ਤੋਂ 25 ਕਰੋੜ ਰੁਪਏ ਲਏ ਸਨ। ਇਹ ਪੈਸਾ ਗੋਆ ਚੋਣਾਂ ਲਈ ਲਿਆ ਗਿਆ ਸੀ। ਦੱਸ ਦੇਈਏ ਕਿ ਵਿਨੋਦ ਚੌਹਾਨ ਨੂੰ ਮਈ ਮਹੀਨੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।