ਚੰਡੀਗੜ੍ਹ 10 ਨਵੰਬਰ 2024 (ਫਤਿਹ ਪੰਜਾਬ) : ਇਸ ਸਾਲ ਫਰਵਰੀ ਮਹੀਨੇ ਖਨੌਰੀ ਸਰਹੱਦ ਉੱਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਹਰਿਆਣਾ ਪੁਲਿਸ ਦੀ ਗੋਲੀਬਾਰੀ ਵਿੱਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜਸਟਿਸ ਕਰਮਜੀਤ ਸਿੰਘ ਨੇ ਸੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਦੱਸਿਆ ਕਿ ਇਸ ਹੱਤਿਆ ਸਬੰਧੀ 28 ਫਰਵਰੀ ਨੂੰ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਥਾਣੇ ਵਿੱਚ ਆਈਪੀਸੀ ਦੀ ਧਾਰਾ 302 ਅਤੇ 114 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਦੱਸਿਆ ਗਿਆ ਕਿ ਹਰਿਆਣਾ ਪੁਲੀਸ ਦੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਸ਼ੁਭਕਰਨ ਦੀ ਮੌਤ ਹੋ ਗਈ।
ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਐਫਆਈਆਰ ਦਰਜ ਹੋਣ ਤੋਂ ਬਾਅਦ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੇ ਕੋਈ ਹੋਰ ਜਾਂਚ ਕੀਤੀ ਹੈ। ਦੁਖੀ ਹੋ ਕੇ, ਪਟੀਸ਼ਨਕਰਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 528 ਦੇ ਤਹਿਤ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਐਫਆਈਆਰ ਦੀ ਜਾਂਚ ਸੀਬੀਆਈ ਵਰਗੀ ਨਿਰਪੱਖ ਜਾਂਚ ਏਜੰਸੀ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ, ਹਾਈ ਕੋਰਟ ਨੇ ਦੋਵਾਂ ਰਾਜਾਂ ਨੂੰ ਪਟੀਸ਼ਨਕਰਤਾ ਦੀਆਂ ਅਰਜ਼ੀ’ਤੇ ਜਵਾਬ ਦਾਖਲ ਕਰਨ ਲਈ ਕਿਹਾ। ਇਹ ਕੇਸ ਦੀ ਅਗਲੀ ਸੁਣਵਾਈ ਹੁਣ 17 ਦਸੰਬਰ ਨੂੰ ਹੋਵੇਗੀ।
ਦੱਸ ਦੇਈਏ ਕਿ ਬੀਤੀ 7 ਮਾਰਚ ਨੂੰ, ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ, ਜਸਟਿਸ ਜੈਸ਼੍ਰੀ ਠਾਕੁਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਈ ਸੀ ਜਿਸ ਵਿੱਚ ਦੋ ਏਡੀਜੀਪੀ ਰੈਂਕ ਦੇ ਅਧਿਕਾਰੀਆਂ (ਹਰਿਆਣਾ ਪੁਲਿਸ ਦੇ ਅਮਿਤਾਭ ਢਿੱਲੋਂ ਅਤੇ ਪੰਜਾਬ ਪੁਲਿਸ ਤੋਂ ਪ੍ਰਮੋਦ ਬਾਨ) ਦੀ ਸਹਾਇਤਾ ਨਾਲ ਇਸ ਮਾਮਲੇ ਦੀ ਜਾਂਚ ਕਰਨੀ ਸੀ। ਇਸ ਜਾਂਚ ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸੁਭਕਰਨ ਸਿੰਘ ਦੀ ਹੱਤਿਆ ਦੀ ਜਾਂਚ ਰਿਪੋਰਟ ਆਈਪੀਐਸ ਅਧਿਕਾਰੀ ਸਤੀਸ਼ ਬਾਲਨ ਨੂੰ ਸੌਂਪ ਦਿੱਤੀ ਗਈ ਸੀ।
ਦੱਸਣਯੋਗ ਹੈ ਕਿ ਬਠਿੰਡਾ ਦੇ ਰਹਿਣ ਵਾਲੇ 21 ਸਾਲਾ ਸ਼ੁਭਕਰਨ ਸਿੰਘ ਦੀ ਡਾਕਟਰੀ ਰਿਪੋਰਟ ਵਿੱਚ ਮੌਤ ਦਾ ਕਾਰਨ ਸਿਰ ਵਿੱਚ ਸੱਟ ਦੱਸੀ ਗਈ ਸੀ।

Skip to content