State information commission ਚ ਹੁਣ ਹੋਣਗੇ 5 ਕਮਿਸ਼ਨਰ
ਚੰਡੀਗੜ੍ਹ 26 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਵੱਲੋਂ ਰਾਜ ਸੂਚਨਾ ਕਮਿਸ਼ਨਰਾਂ (State information commissioners) ਵਜੋਂ ਨਿਯੁਕਤੀ ਲਈ ਦੋ ਉਮੀਦਵਾਰਾਂ ਦੀ ਚੋਣ ਕੀਤੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਰਾਜਪਾਲ ਤੋਂ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ। ਸਰਕਾਰ ਨੇ ਹਾਈ ਕੋਰਟ ਵਿੱਚ ਨੂੰ ਇੱਕ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਰਾਜਪਾਲ ਵੱਲੋਂ ਪ੍ਰਵਾਨਗੀ ਮਿਲਦੇ ਸਾਰ ਹੀ ਇੰਨਾਂ ਨਿਯੁਕਤੀਆਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਰਾਜ ਸਰਕਾਰ ਨੇ ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਸੂਚਨਾ ਕਮਿਸ਼ਨਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਤੀ ਹੈ। ਹਾਈਕੋਰਟ ਨੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੇ ਡਿਵੀਜ਼ਨ ਬੈਂਚ ਨੇ ਪਟੀਸ਼ਨਰ ਪਰਵਿੰਦਰ ਸਿੰਘ ਕਿਤਨਾ ਵਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਪੰਜਾਬ ਰਾਜ ਦੁਆਰਾ ਇਸ ਮਾਮਲੇ ਵਿੱਚ ਦਿਖਾਈ ਗਈ ਇਮਾਨਦਾਰੀ ਕਾਰਨ ਅਦਾਲਤ ਇਸ ਪਟੀਸ਼ਨ ਦਾ ਨਿਪਟਾਰਾ ਕਰਨਾ ਉਚਿਤ ਸਮਝਦੀ ਹੈ। ਨਾਲ ਹੀ ਅਦਾਲਤ ਨੇ ਪਟੀਸ਼ਨਰ ਨੂੰ ਇਹ ਨਿਯੁਕਤੀਆਂ ਨੂੰ ਅੰਤਿਮ ਰੂਪ ਨਾ ਦਿੱਤੇ ਜਾਣ ਦੀ ਸੂਰਤ ਵਿੱਚ ਦੁਬਾਰਾ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਵੀ ਦੇ ਦਿੱਤੀ ਹੈ। ਇਸ ਪਟੀਸ਼ਨ ਵਿੱਚ ਦੋ ਸੂਚਨਾ ਕਮਿਸ਼ਨਰਾਂ ਦੀਆਂ ਅਸਾਮੀਆਂ ਨੂੰ ਭਰਨ ਵਿੱਚ ਲੰਮੀ ਦੇਰੀ ਨੂੰ ਉਜਾਗਰ ਕੀਤਾ ਗਿਆ ਸੀ। ਇਸ ਦੇ ਜਵਾਬ ਵਿੱਚ ਰਾਜ ਸਰਕਾਰ ਨੇ 20 ਜਨਵਰੀ ਨੂੰ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤ ਨਿਵਾਰਨ ਵਿਭਾਗ ਰਾਹੀਂ ਇੱਕ ਸਥਿਤੀ ਰਿਪੋਰਟ ਦਾਇਰ ਕਰਕੇ ਇਸ ਮੁੱਦੇ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਦਾ ਵੇਰਵਾ ਦਿੱਤਾ ਗਿਆ।
ਹਾਈ ਕੋਰਟ ਚ ਦੋ ਪਟੀਸ਼ਨਾਂ ਹੋਈਆਂ ਸੀ ਦਾਖਲ
ਰਾਜ ਵਿੱਚ ਸਰਕਾਰ ਬਣਨ ਪਿੱਛੋਂ ਕਾਫ਼ੀ ਸਮਾਂ ਇਹ ਕਮਿਸ਼ਨ ਸਿਰਫ਼ ਮੁੱਖ ਸੂਚਨਾ ਕਮਿਸ਼ਨਰ ਨਾਲ ਹੀ ਕੰਮ ਚਲਾਉਂਦਾ ਰਿਹਾ ਸੀ ਜਿਨ੍ਹਾਂ ਨੂੰ ਪਿਛਲੇ ਸਾਲ 19 ਜਨਵਰੀ ਨੂੰ ਨਿਯੁਕਤ ਕੀਤਾ ਗਿਆ ਸੀ। ਕਮਿਸ਼ਨ ਵਿੱਚ ਪਈਆਂ ਖਾਲੀ ਅਸਾਮੀਆਂ ਕਾਰਨ ਪੰਜਾਬ ਸਰਕਾਰ ਨੂੰ ਵੱਖ-ਵੱਖ ਹਿੱਸਿਆਂ ਤੋਂ ਆਲੋਚਨਾ ਅਤੇ ਪਟੀਸ਼ਨਾਂ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਤੋਂ ਪਹਿਲਾਂ 13 ਅਗਸਤ 2024 ਨੂੰ ਇੱਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 30 ਅਗਸਤ ਤੱਕ ਰਾਜ ਸੂਚਨਾ ਕਮਿਸ਼ਨਰਾਂ ਦੀਆਂ ਨਿਯੁਕਤੀਆਂ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਦੋਂ ਪਟੀਸ਼ਨਕਰਤਾ ਨਿਖਿਲ ਥੰਮਨ ਨੇ ਹਾਈ ਕੋਰਟ ਅੱਗੇ ਤੱਥ ਪੇਸ਼ ਕੀਤੇ ਸੀ ਕਿ ਰਾਜ ਸੂਚਨਾ ਕਮਿਸ਼ਨਰਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਅਪੀਲਾਂ ਦੇ ਨਾਲ-ਨਾਲ ਸ਼ਿਕਾਇਤਾਂ ਦੀ ਲੰਬਿਤ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ।
ਉਸ ਮੌਕੇ ਪੰਜਾਬ ਸਰਕਾਰ ਨੇ 12 ਅਗਸਤ 2024 ਨੂੰ ਸੂਬੇ ਵਿੱਚ ਸੂਚਨਾ ਕਮਿਸ਼ਨਰਾਂ ਦੀਆਂ ਕੁੱਲ ਪੰਜ ਅਸਾਮੀਆਂ ਵਿੱਚੋਂ ਤਿੰਨ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਸੀ ਜਿਨ੍ਹਾਂ ਵਿੱਚ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ ਗਈ ਸੀ।