ਜਲੰਧਰ 30 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ ਕਰਨ ਵਾਲੀ ਸੱਤ ਮੈਂਬਰੀ ਕਮੇਟੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ 2 ਦਸੰਬਰ ਦੇ ਨਿਰਦੇਸ਼ਾਂ ਨੂੰ ਲਾਗੂ ਨਾ ਕਰਨ ‘ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਬਾਗ਼ੀ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਨਿੱਜੀ ਵਿਦੇਸ਼ੀ ਦੌਰੇ ‘ਤੇ ਜਾਣ ਤੋਂ ਪਹਿਲਾਂ ਹੁਕਮਨਾਮਾ ਲਾਗੂ ਕਰਵਾਉਣਾ ਯਕੀਨੀ ਬਣਾਉਣਾ ਚਾਹੀਦਾ ਸੀ।
ਅਕਾਲੀ ਦਲ ਦੀ ਬਾਗ਼ੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ “ਜਥੇਦਾਰ ਸਾਹਿਬ ਨੂੰ ਵਿਦੇਸ਼ ਜਾਣ ਤੋਂ ਪਹਿਲਾਂ 2 ਦਸੰਬਰ ਦੇ ਨਿਰਦੇਸ਼ਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਸੀ। ਜਥੇਦਾਰ ਦੇ ਵਿਦੇਸ਼ ਵਿੱਚ ਹੋਣ ਕਰਕੇ ਅਕਾਲੀ ਦਲ ਵੱਲੋਂ ਆਪਣੇ ਤੌਰ ‘ਤੇ ਭਰਤੀ ਪ੍ਰਕਿਰਿਆ ਜਾਰੀ ਰੱਖਣ ਨਾਲ ਅਕਾਲ ਤਖ਼ਤ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੋ ਰਹੀ ਹੈ। ਇਸ ਕਦਮ ਨਾਲ ਸਾਡੇ ਕੋਲ ਲੋਕਾਂ ਦੀ ਕਚਹਿਰੀ ਵਿੱਚ ਜਾਣ ਤੋਂ ਇਲਾਵਾ ਕੋਈ ਬਦਲ ਨਹੀਂ ਬਚਿਆ।”
ਬੀਬੀ ਜਾਗੀਰ ਕੌਰ ਨੇ ਕਿਹਾ “2 ਦਸੰਬਰ ਦੇ ਨਿਰਦੇਸ਼ਾਂ ਨੂੰ ਲਾਗੂ ਨਾ ਕਰਨ ਤੋਂ ਪੰਥ ਨਿਰਾਸ਼ ਹੋ ਗਿਆ ਹੈ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਅਕਾਲ ਤਖ਼ਤ ਸਰਵਉੱਚ ਹੈ, ਅਤੇ ਹਰ ਸਿੱਖ ਨੂੰ ਇਸ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਪੱਧਰ ਉੱਤੇ ਕਮੇਟੀ ਬਣਾ ਕੇ 20 ਜਨਵਰੀ ਤੋਂ 50 ਲੱਖ ਮੈਂਬਰ ਭਰਤੀ ਕਰਨ ਲਈ ਵਿੱਢੀ ਮੁਹਿੰਮ ਪੂਰੇ ਰਾਜ ਵਿੱਚ ਲਗਾਤਾਰ ਜਾਰੀ ਹੈ।
ਚੰਦੂਮਾਜਰਾ ਤੇ ਜਗੀਰ ਕੌਰ ਵਿਰੁੱਧ ਅਕਾਲ ਤਖ਼ਤ ਤੇ ਸ਼ਿਕਾਇਤ
ਇਸੇ ਦੌਰਾਨ 27 ਜਨਵਰੀ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੰਬੋਧਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਪੈੱਨ ਡਰਾਈਵ ਸਮੇਤ ਇੱਕ ਬੇਨਤੀ ਪੱਤਰ ਸੌਂਪਿਆ ਸੀ ਜਿਸ ਵਿੱਚ ਅਕਾਲੀ ਦਲ ਦੇ ਬਾਗੀ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸੰਸਦ ਮੈਂਬਰ ਅਤੇ ਬੀਬੀ ਜਗੀਰ ਕੌਰ ਵਿਰੁੱਧ ਸਬੂਤ ਪੇਸ਼ ਕੀਤੇ ਹਨ ਜੋ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਸੁਣਵਾਈ ਦੌਰਾਨ ਉਨ੍ਹਾਂ ਦੋਵਾਂ ਵੱਲੋਂ ਦਿੱਤੇ ਗਏ ਝੂਠੇ ਬਿਆਨਾਂ ਦਾ ਪਰਦਾਫਾਸ਼ ਕਰਦੇ ਹਨ। ਵਫ਼ਦ ਨੇ ਉਨ੍ਹਾਂ ਦੋਹਾਂ ਵਿਰੁੱਧ ਉਨ੍ਹਾਂ ਦੇ ਗੰਭੀਰ ਆਚਰਨ ਲਈ ਸਖ਼ਤ ਕਾਰਵਾਈ ਦੀ ਬੇਨਤੀ ਕੀਤੀ ਹੈ।
ਜਿਕਰਯੋਗ ਹੈ ਕਿ 2 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਦਾ ਕਦੇ ਵੀ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਰ ਸਰਬਜੀਤ ਝਿੰਜਰ ਨੇ ਇੱਕ ਨਿੱਜੀ ਚੈਨਲ ਨਾਲ ਚੰਦੂਮਾਜਰਾ ਦੀ ਇੰਟਰਵਿਊ ਦੀ ਇੱਕ ਵੀਡੀਓ ਕਲਿੱਪ ਪੇਸ਼ ਕੀਤੀ, ਜਿੱਥੇ ਉਹ ਸਪੱਸ਼ਟ ਤੌਰ ‘ਤੇ ਇਸ ਮੁਆਫ਼ੀ ਦਾ ਸਮਰਥਨ ਕਰਦੇ ਹੋਏ ਅਤੇ ਸਤਿਕਾਰ ਨਾਲ ਰਾਮ ਰਹੀਮ ਨੂੰ “ਜੀ” ਕਹਿੰਦੇ ਹੋਏ ਦਿਖਾਈ ਦੇ ਰਹੇ ਹਨ।
ਇਸੇ ਤਰ੍ਹਾਂ ਬੀਬੀ ਜਗੀਰ ਕੌਰ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲਿਆ ਹੈ ਜਿਸ ਬਾਰੇ ਝਿੰਜਰ ਨੇ ਸਬੂਤ ਵਜੋਂ ਇੱਕ ਵੀਡੀਓ ਪੇਸ਼ ਕੀਤੀ ਹੈ ਜਿਸ ਵਿੱਚ ਰਾਮ ਰਹੀਮ ਦੀ ਮੁਆਫ਼ੀ ਲਈ ਉਸਨੇ ਆਪਣਾ ਸਮਰਥਨ ਦਿੱਤਾ ਹੈ। ਪਰ ਹਾਲੇ ਤੱਕ ਇਸ ਬੇਨਤੀ ਉੱਤੇ ਅਕਾਲ ਤਖ਼ਤ ਵੱਲੋਂ ਕੋਈ ਟਿੱਪਣੀ ਜਾਂ ਕਾਰਵਾਈ ਨਹੀਂ ਕੀਤੀ ਗਈ।