ਚੰਡੀਗੜ੍ਹ 1 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੀਆਂ ਮੀਟਿੰਗਾਂ ਸ਼ੁਰੂ ਕਰਨ ਲਈ ਕਿਹਾ ਹੈ ਜੋ ਕਿ ਪਾਰਟੀ ਵੱਲੋਂ 20 ਜਨਵਰੀ ਤੋਂ ਸ਼ੁਰੂ ਕੀਤੀ ਗਈ ਹੈ।

ਐਡਵੋਕੇਟ ਧਾਮੀ ਨੂੰ ਅਕਾਲ ਤਖ਼ਤ ਵੱਲੋਂ ਪਾਰਟੀ ਦੀ ਮੈਂਬਰਸ਼ਿਪ ਚਾਲੂ ਕਰਨ ਅਤੇ ਪੁਨਰਗਠਨ ਲਈ ਸੱਤ ਮੈਂਬਰੀ ਦਾ ਮੁਖੀ ਬਣਾਇਆ ਗਿਆ ਸੀ ਅਤੇ ਹੁਣ ਵਰਕਿੰਗ ਕਮੇਟੀ ਨੇ ਧਾਮੀ ਨੂੰ ਖੁੱਲ ਦਿੱਤੀ ਹੈ ਕਿ ਉਹ ਲੋੜ ਮਹਿਸੂਸ ਹੋਣ ‘ਤੇ ਕਮੇਟੀ ਵਿੱਚ ਨਵੇਂ ਮੈਂਬਰਾਂ ਨੂੰ ਸ਼ਾਮਲ ਕਰ ਸਕਦੇ ਹਨ।

ਇਸ ਫੈਸਲੇ ਬਾਰੇ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ “ਪਾਰਟੀ ਨੇ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਫੈਸਲੇ ਲੈਣ ਅਤੇ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ ਦੇ ਕੰਮ ਨੂੰ ਅੱਗੇ ਵਧਾਉਣ ਦੇ ਸਾਰੇ ਅਧਿਕਾਰ ਦੇ ਦਿੱਤੇ ਹਨ।”

ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਅਕਾਲ ਤਖ਼ਤ ਵੱਲੋਂ ਬਣਾਈ ਗਈ ਇਸ ਕਮੇਟੀ ਨੂੰ ਪਾਰਟੀ ਦਾ ਕੰਮਕਾਜ ਸੰਭਾਲਣ ਦੀ ਇਜਾਜ਼ਤ ਦੇਣ ਲਈ ਤਿਆਰ ਨਹੀਂ ਸੀ ਕਿਉਂਕਿ ਉਸਨੂੰ ਡਰ ਸੀ ਕਿ ਧਾਰਮਿਕ ਸੰਸਥਾ ਦੁਆਰਾ ਬਣਾਈ ਗਈ ਕਮੇਟੀ ਦੇ ਨਿਰਦੇਸ਼ਾਂ ਹੇਠ ਕੰਮ ਕਰਨ ਨਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਇਸ ਸੱਤ ਮੈਂਬਰੀ ਕਮੇਟੀ ਵਿੱਚ ਧਾਮੀ ਤੋਂ ਇਲਾਵਾ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰ ਸਮੇਤ ਬੀਬੀ ਸਤਵੰਤ ਕੌਰ ਸ਼ਾਮਲ ਹਨ। SGPC ਦੀ ਕਰਮਚਾਰਨ ਸਤਵੰਤ ਕੌਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (AISSF) ਦੇ ਪ੍ਰਧਾਨ ਅਮਰੀਕ ਸਿੰਘ ਦੀ ਧੀ ਹੈ ਜੋ ਆਪ੍ਰੇਸ਼ਨ ਬਲੂਸਟਾਰ ਦੌਰਾਨ ਮਾਰੇ ਗਏ ਸਨ।

ਜਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਫ਼ਰਮਾਨ ਮੰਨਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਮੈਂਬਰਸ਼ਿਪ ਲਈ 30 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਿਸ ਵਿੱਚ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਵਡਾਲਾ ਅਤੇ ਬੀਬੀ ਸਤਵੰਤ ਕੌਰ ਨੂੰ ਬਾਹਰ ਰੱਖਿਆ ਗਿਆ।

ਬਾਅਦ ਵਿੱਚ ਅਕਾਲੀ ਦਲ ਨੇ ਵਡਾਲਾ ਨੂੰ ਉਸ ਕਮੇਟੀ ਵਿੱਚ ਸ਼ਾਮਲ ਕਰ ਲਿਆ ਸੀ ਪਰ ਸਤਵੰਤ ਕੌਰ ਨੂੰ ਅਜੇ ਵੀ ਕਮੇਟੀ ਤੋਂ ਬਾਹਰ ਹੈ ਅਤੇ ਕਿਹਾ ਗਿਆ ਕਿ ਕਮੇਟੀ ਦੀ ਮੈਂਬਰ ਬਣਨ ਲਈ ਉਸਨੂੰ ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਬਾਅਦ ਵਿੱਚ ਪਾਰਟੀ ਨੇ ਅਜਿਹੇ ਸਾਰੇ ਵਿਚਾਰਾਂ ਨੂੰ ਪਾਸੇ ਰੱਖ ਕੇ ਕਮੇਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕਰ ਦਿੱਤੀ ਸੀ।

ਪਰ ਵਡਾਲਾ, ਇਆਲੀ ਅਤੇ ਉਮੈਦਪੁਰ ਨੇ ਮੈਂਬਰਸ਼ਿਪ ਲਈ ਲਗਾਈਆਂ ਆਪਣੀਆਂ ਡਿਊਟੀਆਂ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਕਿ ਇਹ ਕਦਮ 2 ਦਸੰਬਰ ਨੂੰ ਐਲਾਨੇ ਗਏ ਅਕਾਲ ਤਖ਼ਤ ਦੇ ਆਦੇਸ਼ ਮੁਤਾਬਿਕ ਨਹੀਂ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤ ਮੈਂਬਰੀ ਕਮੇਟੀ ਨੂੰ ਨਾ ਮੰਨਣ ਕਾਰਨ ਸਿੱਖਾਂ ਦੇ ਵੱਖ-ਵੱਖ ਵਰਗਾਂ ਵੱਲੋਂ ਬਹੁਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਲੋਕਾਂ ਨੇ ਦੋਸ਼ ਲਗਾਇਆ ਕਿ ਪਾਰਟੀ ਅਕਾਲ ਤਖ਼ਤ ਦੇ ਫ਼ਰਮਾਨ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਰਹੀ ਹੈ।

ਪਾਰਟੀ ਦੀ ਇਸ ਨਵੀਂ ਤਜਵੀਜ਼ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਜੇਕਰ ਅਕਾਲ ਤਖ਼ਤ ਵੱਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਨੂੰ ਉਸਦੀ ਅਸਲ ਭਾਵਨਾ ਵਿੱਚ ਸਵੀਕਾਰ ਕਰਦੇ ਹਨ ਤਾਂ ਉਸਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਿੱਚ ਕੋਈ ਇਤਰਾਜ਼ ਨਹੀਂ ਹੈ। ਉੱਨਾਂ ਕਿਹਾ ਕਿ “ਪਾਰਟੀ ਦੇ ਸਾਰੇ ਆਗੂਆਂ ਨੂੰ ਸਰਵਉੱਚ ਅਸਥਾਨ ਦੇ ਹੁਕਮਨਾਮੇ (ਸਿੱਖ ਫ਼ਰਮਾਨ) ਦੀ ਭਾਵਨਾ ‘ਤੇ ਦ੍ਰਿੜਤਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਸੌਂਪੇ ਗਏ ਕਾਰਜ ਨੂੰ ਅੱਗੇ ਵਧਾਉਣਾ ਚਾਹੀਦਾ ਹੈ।”

ਸੰਗਰੂਰ ਤੋਂ ਇੱਕ ਹੋਰ ਅਕਾਲੀ ਆਗੂ, ਜੋ ਅਕਾਲੀ ਦਲ ਵੱਲੋਂ ਮੈਂਬਰਸ਼ਿੱਪ ਮੁਹਿੰਮ ਲਈ ਬਣਾਈ ਨਿਗਰਾਨ ਕਮੇਟੀ ਦਾ ਹਿੱਸਾ ਬਣਨ ਦਾ ਇੱਛੁਕ ਨਹੀਂ ਸੀ, ਨੇ ਕਿਹਾ ਹੈ ਕਿ ਜਦੋਂ ਧਾਮੀ ਮੀਟਿੰਗ ਬੁਲਾਉਣਗੇ ਤਾਂ ਸਾਰੇ ਸ਼ਾਮਲ ਹੋਣਗੇ।

error: Content is protected !!
Skip to content