ਚੰਡੀਗੜ੍ਹ, 2 ਫਰਵਰੀ 2025 (ਫਤਿਹ ਪੰਜਾਬ ਬਿਉਰੋ) Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਨਗਰ ਕੌਂਸਲ ਮਾਨਸਾ (Municipal Council Mansa) ਦੇ ਪ੍ਰਧਾਨ ਵਿਜੇ ਕੁਮਾਰ ਸਿੰਗਲਾ ਨੂੰ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 71 ਅਧੀਨ ਦਰਜ ਇੱਕ ਮੁਕੱਦਮਾ ਨੰਬਰ 14 ਮਿਤੀ 04-06-2024 ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਇਸ ਸਿਆਸੀ ਆਗੂ ਨੂੰ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ।
ਪ੍ਰਾਪਤ ਜਾਣਕਾਰੀ ਮੁਤਾਬਿਕ ਵਿਜੇ ਕੁਮਾਰ ਸਿੰਗਲਾ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਜੋ ਬੀਤੀ 7 ਜਨਵਰੀ, 2025 ਨੂੰ ਰੱਦ ਹੋ ਗਈ ਸੀ। ਇਸ ਤੋਂ ਬਾਅਦ ਉਸਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਪਰ ਬਾਅਦ ਵਿੱਚ ਜ਼ਮਾਨਤ ਰੱਦ ਹੋਣ ਜਾਣ ਦੇ ਡਰੋਂ ਆਪਣੀ ਜਮਾਨਤ ਪਟੀਸ਼ਨ ਵਾਪਸ ਲੈ ਲਈ। ਇਸ ਦੌਰਾਨ ਵਿਜੀਲੈਂਸ ਬਿਊਰੋ ਵੀ ਇਸ ਨੇਤਾ ਦੀ ਗ੍ਰਿਫ਼ਤਾਰੀ ਲਈ ਸਰਗਰਮੀ ਨਾਲ ਭਾਲ ਕਰਦੀ ਰਹੀ।
ਬੀਤੇ ਕੱਲ੍ਹ ਸ਼ਨੀਵਾਰ ਨੂੰ ਉਕਤ ਆਗੂ ਨੇ ਇਸ ਭ੍ਰਿਸ਼ਟਾਚਾਰ ਦੇ ਪੁਰਾਣੇ ਕੇਸ ਵਿੱਚ ਜਦੋਂ ਜ਼ਿਲ੍ਹਾ ਅਦਾਲਤ ਮਾਨਸਾ ਵਿੱਚ ਆਤਮ ਸਮਰਪਣ ਕੀਤਾ ਤਾਂ ਵਿਜੀਲੈਂਸ ਬਿਉਰੋ ਵੀ ਉਸ ਨੂੰ ਗ੍ਰਿਫਤਾਰ ਕਰਨ ਲਈ ਪਹੁੰਚ ਗਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਊਰੋ ਨੂੰ ਉਸਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ। ਹੁਣ ਇਸ ਪ੍ਰਧਾਨ ਕੱਲ੍ਹ 3 ਫਰਵਰੀ ਨੂੰ ਦੁਬਾਰਾ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ 5 ਜੂਨ 2024 ਨੂੰ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।
ਜਤਿੰਦਰ ਸਿੰਘ ਜੇ.ਈ. ਨੂੰ ਨੇੜਲੇ ਪਿੰਡ ਖੀਵਾਂ ਕਲਾ ਦੀ ਕੋਆਪ੍ਰੇਟਿਵ ਕਿਰਤ ਸੁਸਾਇਟੀ ਅਤੇ ਉਸਾਰੀ ਸਭਾ ਦੇ ਪ੍ਰਧਾਨ ਸੁਰਿੰਦਰ ਗਰਗ ਵੱਲੋਂ ਕਮਿਸ਼ਨ ਮੰਗਣ ਤੇ ਬਿੱਲ ਪਾਸ ਕਰਨ ਸਬੰਧੀ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਉੱਪਰ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ।