ਚੰਡੀਗੜ੍ਹ, 4 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ Punjab State Power Corporation Ltd ਪੀ.ਐਸ.ਪੀ.ਸੀ.ਐਲ. ਦੇ ਸਬ ਡਵੀਜਨ ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 260000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਚੁੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ ਸ਼ਿਕਾਇਤਕਰਤਾ ਕੋਲੋਂ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਉਥੋਂ ਲੰਘਦੀਆਂ ਬਿਜਲੀ ਦੀਆਂ ਲਾਈਨਾਂ ਨਹੀਂ ਹਟਾਈਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!
Skip to content