ਚੰਡੀਗੜ੍ਹ 13 ਫਰਵਰੀ, 2025 (ਫਤਿਹ ਪੰਜਾਬ ਬਿਊਰੋ) Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਬਤੌਰ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਨਿਵਾਸੀ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਨੂੰਹ ਦੇ ਨਵੇਂ ਬਣ ਰਹੇ ਘਰ ਲਈ ਆਰਜੀ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਜਾਰੀ ਹੈ।
