Skip to content

ਕਿਸਾਨਾਂ ਵੱਲੋਂ ਉਠਾਏ ਮੱਕੀ ਦੇ ਮਹਿੰਗੇ ਬੀਜ ਦੇ ਮੁੱਦੇ ‘ਤੇ ਖੇਤੀ ਮੰਤਰੀ ਖੁੱਡੀਆਂ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਕੇਂਦਰ ਸਰਕਾਰ ਅਤੇ Sanyukt Kisan Morcha ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ Kisan Mazdoor Morcha ਕਿਸਾਨ ਮਜ਼ਦੂਰ ਮੋਰਚੇ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਦਾ ਦੂਜਾ ਦੌਰ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਰਚਨਾਤਮਕ ਅਤੇ ਸੁਹਿਰਦ ਮਾਹੌਲ ਵਿੱਚ ਹੋਇਆ, ਜਿਸ ਵਿੱਚ ਦੋਵੇਂ ਧਿਰਾਂ ਸਾਰਥਕ ਗੱਲਬਾਤ ਵਿੱਚ ਸ਼ਾਮਲ ਹੋਈਆਂ।
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਕਿਸਾਨਾਂ ਨੂੰ ਆਪਣੇ ਮੁੱਦਿਆਂ ਅਤੇ ਚਿੰਤਾਵਾਂ ਦਾ ਵਿਸਤ੍ਰਿਤ ਚਾਰਟਰ ਭੇਜਣ ਲਈ ਕਿਹਾ ਤਾਂ ਜੋ ਕੇਂਦਰੀ ਮੰਤਰੀ ਉਨ੍ਹਾਂ ਦਾ ਚੰਗੀ ਤਰ੍ਹਾਂ ਅਧਿਐਨ ਕਰ ਸਕਣ।
ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰੱਖੀ ਜਾਵੇਗੀ ਅਤੇ ਗੱਲਬਾਤ ਦਾ ਅਗਲਾ ਦੌਰ 19 ਮਾਰਚ ਨੂੰ ਤੈਅ ਕੀਤਾ ਗਿਆ ਹੈ, ਕਿਉਂਕਿ ਦੋਵੇਂ ਧਿਰਾਂ ਚੱਲ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰਨਾ ਜਾਰੀ ਰੱਖਣਾ ਚਾਹੁੰਦੀਆਂ ਹਨ।
ਕਿਸਾਨ ਆਗੂਆਂ ਨੇ ਆਪਣੀ ਉਪਜ ਲਈ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਕਾਨੂੰਨੀ ਗਰੰਟੀ ਦੀ ਆਪਣੀ ਮੁੱਖ ਮੰਗ ਨੂੰ ਦੁਹਰਾਇਆ।ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ (ਭਾਰਤ ਸਰਕਾਰ) ਦੇਵੇਸ਼ ਚਤੁਰਵੇਦੀ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਵਿਕਾਸ ਗਰਗ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ।
ਬਾਅਦ ਵਿੱਚ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਾਲ ਚੰਦ ਕਟਾਰੂਚੱਕ ਅਤੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੇ ਨਾਲ ਕਿਸਾਨ ਯੂਨੀਅਨ ਆਗੂਆਂ ਨਾਲ ਇੱਕ ਵੱਖਰੀ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਮੱਕੀ ਦੇ ਬੀਜਾਂ ਦੀ ਘਾਟ ਅਤੇ ਵਧਦੀਆਂ ਕੀਮਤਾਂ ਦੇ ਮੁੱਦੇ ‘ਤੇ ਚਿੰਤਾਵਾਂ ਜ਼ਾਹਰ ਕੀਤੀਆਂ। ਜਵਾਬ ਵਿੱਚ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਕਿਸੇ ਵੀ ਡੀਲਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਜੋ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਹਨ ਜਾਂ ਮੱਕੀ ਦੇ ਬੀਜਾਂ ਦੀ ਕਾਲਾਬਾਜ਼ਾਰੀ ਵਿੱਚ ਸ਼ਾਮਲ ਪਾਏ ਗਏ ਹਨ। ਇਸ ਕਦਮ ਦਾ ਕਿਸਾਨਾਂ ਨੇ ਸਵਾਗਤ ਕੀਤਾ, ਜਿਨ੍ਹਾਂ ਨੇ ਤੁਰੰਤ ਰਾਹਤ ਦੀ ਉਮੀਦ ਪ੍ਰਗਟ ਕੀਤੀ।
ਖੁੱਡੀਆਂ ਨੇ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਰਹੇਗੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਅਣਥੱਕ ਮਿਹਨਤ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਉਨ੍ਹਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰੱਖਿਆ ਕੀਤੀ ਜਾਵੇ।

error: Content is protected !!