ਮੰਤਰੀ ਮੁੰਡੀਆਂ ਨੇ ਵਿਭਾਗ ਤੇ ਵਿਕਾਸ ਅਥਾਰਟੀਆਂ ਦੇ ਕੰਮਾਂ ਦਾ ਲਿਆ ਜਾਇਜ਼ਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਾਰਚ 2025 (ਫਤਿਹ ਪੰਜਾਬ ਬਿਊਰੋ) – ਰਾਜ ਦੇ ਵੱਖ-ਵੱਖ ਸ਼ਹਿਰੀ ਇਲਾਕਿਆਂ ਵਿੱਚ ਯੋਜਨਾਬੱਧ ਵਿਕਾਸ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਦੇਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟਾਂ (ਸਰਕਾਰੀ ਕਾਲੋਨੀਆਂ) ਬਣਾਉਣ ਦੀ ਹਦਾਇਤ ਕੀਤੀ ਹੈ।
ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵੱਡੇ ਸ਼ਹਿਰਾਂ ਦੇ ਨਾਲ-ਨਾਲ ਛੋਟੇ ਸ਼ਹਿਰਾਂ ਵਿੱਚ ਵੀ ਨਵੀਂਆਂ ਅਰਬਨ ਅਸਟੇਟਾਂ ਬਣਾਈਆਂ ਜਾਣ ਅਤੇ ਇਸ ਲਈ ਲੋੜ ਅਨੁਸਾਰ ਜ਼ਮੀਨ ਗ੍ਰਹਿਣ (ਐਕੁਆਇਰ) ਕੀਤੀ ਜਾਵੇ। ਇਸ ਨਾਲ ਜਿੱਥੇ ਲੋਕਾਂ ਨੂੰ ਸਸਤੇ ਮੁੱਲ ਉਤੇ ਮਕਾਨ ਮਿਲ ਸਕਣਗੇ ਉਥੇ ਨਾਲ ਹੀ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਪ੍ਰਾਪਰਟੀ ਖਰੀਦਣ ਲਈ ਮਜਬੂਰ ਨਹੀਂ ਹੋਣਗੇ।
ਮੁੰਡੀਆਂ ਨੇ ਕਿਹਾ ਕਿ ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਕੀਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਜਾਇਦਾਦਾਂ ਦੀ ਪੜਚੋਲ ਕਰਦਿਆਂ ਮੁੰਡੀਆਂ ਨੇ ਅਧਿਕਾਰੀਆਂ ਨੂੰ ਅਗਲੇ ਹਫਤੇ ਤੋਂ ਇੰਨਾਂ ਪ੍ਰਾਪਰਟੀਆਂ ਦੀ ਪੂਰੇ ਨਿਰਪੱਖ ਢੰਗ ਨਾਲ ਈ-ਨੀਲਾਮੀ ਕਰਵਾਈ ਜਾਵੇ ਤਾਂ ਜੋ ਲੋਕ ਆਪਣੇ ਘਰ ਬਣਾਉਣ ਜਾਂ ਵਪਾਰ ਸ਼ੁਰੂ ਕਰਨ ਲਈ ਪਲਾਟ ਖਰੀਦ ਸਕਣ। ਉਨ੍ਹਾਂ ਡਿਫਾਲਟ ਪ੍ਰਾਜੈਕਟਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਕਾਸ ਗਰਗ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਆਮ ਜਨਤਾ ਦੀ ਖੱਜਲ-ਖੁਆਰੀ ਬੰਦ ਕਰਨ ਦੀ ਨੀਤੀ ਤੇ ਅਮਲ ਕਰਨ ਅਤੇ ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਵਿਭਾਗ ਵੱਲੋਂ ਆਮ ਜਨਤਾ ਨੂੰ ਮੌਜੂਦਾ ਸਮੇਂ ਦਿੱਤੀਆਂ ਜਾ ਰਹੀਆਂ ਆਨਲਾਈਨ ਸੇਵਾਵਾਂ ਤੋਂ ਇਲਾਵਾ ਜੋ ਸੇਵਾਵਾਂ ਅਜੇ ਆਫ਼ਲਾਈਨ ਦਿੱਤੀਆਂ ਜਾ ਰਹੀਆਂ ਹਨ , ਉਨ੍ਹਾਂ ਨੂੰ ਵੀ ਆਨਲਾਈਨ ਕਰਨ ਲਈ ਕਦਮ ਚੁੱਕਣ।
ਮੀਟਿੰਗ ਵਿੱਚ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ, ਮੁੱਖ ਪ੍ਰਸ਼ਾਸਕ ਗਮਾਡਾ ਵਿਸ਼ੇਸ਼ ਸਾਰੰਗਲ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ, ਪੀ.ਡੀ.ਏ-ਕਮ-ਬੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਜੇ.ਡੀ.ਏ-ਕਮ-ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਿਕਾਸ ਅਥਾਰਟੀਆਂ ਦੇ ਹੋਰ ਅਧਿਕਾਰੀ ਹਾਜ਼ਰ ਰਹੇ।