Skip to content

ਚੰਡੀਗੜ੍ਹ 8 ਮਾਰਚ 2025 (ਫਤਿਹ ਪੰਜਾਬ ਬਿਊਰੋ) ਸਾਬਕਾ ਮੰਤਰੀਆਂ ਬਿਕਰਮ ਸਿੰਘ ਮਜੀਠੀਆ ਅਤੇ ਸ਼ਰਨਜੀਤ ਸਿੰਘ ਢਿੱਲੋਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵੱਲੋਂ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੇ ਫੈਸਲਿਆਂ ਨਾਲ ਅਸਿਹਮਤ ਹੋਣ ਪਿੱਛੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਅਸਹਿਮਤੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹਨਾਂ ਕਾਰਵਾਈਆਂ ਤੋਂ ਪੰਥ ਵਿੱਚ ਮਾਯੂਸੀ ਹੈ।
ਅੱਜ ਆਪਣੇ ਲੈਟਰ ਪੈਡ ਉੱਤੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਆਖਿਆ ਕਿ “ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਹੀ ਹਮੇਸ਼ਾ ਪੰਥਕ ਪਰੰਪਰਾਵਾਂ ਅਤੇ ਸਿਧਾਂਤਾਂ ਦੇ ਰਖਵਾਲੇ ਰਹੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵਾਂ ਸਿੱਖ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਪੰਥ ਮਾਯੂਸ ਹੈ।” ਉਨ੍ਹਾਂ ਕਿਹਾ ਹੈ ਕਿ “ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਵੱਲੋਂ ਜਥੇਦਾਰ ਸਾਹਿਬਾਨਾਂ ਬਾਰੇ ਲਏ ਗਏ ਫੈਸਲਿਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ ਕਿਉਂਕਿ ਮੈਂ ਸਿੱਖ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸੇਵਾ ਨਿਭਾਅ ਚੁੱਕਾ ਹਾਂ। ਇਸ ਲਈ ਇਸ ਘਟਨਾਕਰਮ ਦਾ ਮੇਰੇ ਮਨ ਉੱਪਰ ਗਹਿਰਾ ਅਸਰ ਹੈ। ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਵੱਲੋਂ ਸਿੰਘ ਸਾਹਿਬਾਨਾਂ ਬਾਰੇ ਲਏ ਗਏ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦਾ ਹਾਂ।”
ਉਹਨਾਂ ਇਹ ਵੀ ਸਪਸ਼ਟ ਕੀਤਾ ਹੈ ਕਿ “ਮੈਂ ਪੰਥ ਦੀ ਚੜ੍ਹਦੀਕਲਾ ਲਈ ਹਮੇਸ਼ਾ ਆਪਣਾ ਰਿਣ ਮਾਤਰ ਯੋਗਦਾਨ ਦੇਣ ਲਈ ਵਚਨਬੱਧ ਹਾਂ ਅਤੇ ਰਹਾਂਗਾ।”
ਵੱਡੇ ਅਕਾਲੀ ਆਗੂਆਂ ਵੱਲੋਂ ਦਿੱਤੇ ਗਏ ਇੰਨਾਂ ਜਨਤਕ ਬਿਆਨਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਰਾਜਸੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਆਗੂ ਵੀ ਪਾਰਟੀ ਤੋਂ ਬਾਗੀ ਹੋ ਸਕਦੇ ਹਨ ਅਤੇ ਅਸਤੀਫ਼ੇ ਵੀ ਦਿੱਤੇ ਜਾ ਸਕਦੇ ਹਨ। ਇਸੇ ਦੌਰਾਨ ਨਾਭਾ ਤੋਂ ਕੰਬਾਈਨ ਨਿਰਮਾਤਾ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਇਸੇ ਮੁੱਦੇ ਉੱਤੇ ਰੂਪਨਗਰ ਜ਼ਿਲ੍ਹੇ ਦਾ ਅਕਾਲੀ ਦਲ ਦਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਵੀ ਅੱਜ ਅਸਤੀਫ਼ਾ ਦੇ ਚੁੱਕਾ ਹੈ।

error: Content is protected !!