ਸੰਗਰੂਰ, 13 ਮਾਰਚ 2025 (ਫਤਿਹ ਪੰਜਾਬ ਬਿਊਰੋ) ਅੱਜ ਸਵੇਰੇ ਸੰਗਰੂਰ ਸਿਵਲ ਹਸਪਤਾਲ ਵਿੱਚ ਵਾਪਰੀ ਇੱਕ ਚਿੰਤਾਜਨਕ ਘਟਨਾ ਦੇ ਮੱਦੇਨਜ਼ਰ ਜਿੱਥੇ 15 ਔਰਤਾਂ ਨੂੰ ਸਾਧਾਰਨ ਸੈਲਾਈਨ ਵਾਟਰ ਚੜਾਉਣ ਕਾਰਨ ਸਿਹਤ ਵਿਗੜਨ ਦਾ ਸਾਹਮਣਾ ਕਰਨਾ ਪਿਆ ਅਤੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸ਼ਾਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਰੂਰੀ ਉਪਾਅ ਯਕੀਨੀ ਬਣਾਉਣ ਲਈ ਹਸਪਤਾਲ ਦਾ ਦੌਰਾ ਕੀਤਾ।
ਇਸ ਘਟਨਾ ਨੇ ਮਰੀਜ਼ਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਜਿਸ ਕਾਰਨ ਸਿਹਤ ਵਿਭਾਗ ਨੂੰ ਤੁਰੰਤ ਦਖਲ ਦੇਣਾ ਪਿਆ। ਪ੍ਰਭਾਵਿਤ ਮਰੀਜ਼ਾਂ ਨੂੰ ਆਕਸੀਜਨ ਸਹਾਇਤਾ ਅਤੇ ਸਾਰੀ ਡਾਕਟਰੀ ਦੇਖਭਾਲ ਪ੍ਰਦਾਨ ਕੀਤੀ ਗਈ, ਜਿਸ ਨਾਲ ਉਨ੍ਹਾਂ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ।
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਪੁਸ਼ਟੀ ਕੀਤੀ, “ਸਾਰੇ 14 ਮਰੀਜ਼ ਹੁਣ ਸਥਿਰ ਹਨ ਅਤੇ ਤਿੰਨੋ ਔਰਤਾਂ, ਜਿਨ੍ਹਾਂ ਨੂੰ ਗੰਭੀਰ ਸਿਹਤ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਉਹ ਹੁਣ ਠੀਕ ਹਨ। ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਉਨ੍ਹਾਂ ਨੂੰ ਸਭ ਤੋਂ ਵਧੀਆ ਦੇਖਭਾਲ ਮਿਲ ਰਹੀ ਹੈ।”
ਉਨ੍ਹਾਂ ਨੇ ਤੁਰੰਤ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਟੀਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਡਾਕਟਰਾਂ ਨੇ ਮਰੀਜ਼ਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਹੈ ਅਤੇ ਕਿਸੇ ਵੀ ਮਰੀਜ਼ ਨੂੰ ਕਿਸੇ ਹੋਰ ਹਸਪਤਾਲ ਵਿੱਚ ਰੈਫਰ ਕਰਨ ਦੀ ਕੋਈ ਲੋੜ ਨਹੀਂ ਹੈ।”
ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ ਸਿਹਤ ਵਿਭਾਗ ਨੇ ਅਗਲੇ ਨੋਟਿਸ ਤੱਕ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਾਰਮਲ ਸੈਲਾਈਨ ਵਾਟਰ ਦੀ ਵਰਤੋਂ ‘ਤੇ ਰੋਕ ਲਗਾ ਦਿੱਤੀ ਹੈ। ਸੈਲਾਈਨ ਵਾਟਰ ਦੇ ਨਮੂਨੇ ਇਕੱਠੇ ਕੀਤੇ ਗਏ ਹਨ ਅਤੇ ਪ੍ਰਯੋਗਸ਼ਾਲਾ ਜਾਂਚ ਲਈ ਭੇਜੇ ਗਏ ਜਾ ਰਹੇ ਹਨ ਜਿਨ੍ਹਾਂ ਦੇ ਨਤੀਜੇ ਦੋ ਤੋਂ ਤਿੰਨ ਦਿਨਾਂ ਦੇ ਅੰਦਰ ਆਉਣ ਦੀ ਉਮੀਦ ਹੈ। ਕੁਮਾਰ ਰਾਹੁਲ ਨੇ ਕਿਹਾ, “ਜੇਕਰ ਨਮੂਨੇ ਅਯੋਗ ਪਾਏ ਜਾਂਦੇ ਹਨ, ਤਾਂ ਸਪਲਾਇਰ ਜਾਂ ਜ਼ਿੰਮੇਵਾਰ ਫਰਮ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਸਿਹਤ ਸਕੱਤਰ ਨੇ ਇਹ ਵੀ ਭਰੋਸਾ ਦਿੱਤਾ ਕਿ ਵਿਭਾਗ ਸੰਗਰੂਰ ਸਿਵਲ ਹਸਪਤਾਲ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਰਾਜ ਭਰ ਵਿੱਚ ਮਰੀਜ਼ਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਦੌਰਾਨ, ਸੀਨੀਅਰ ਮੈਡੀਕਲ ਅਫਸਰ (ਐਸਐਮਓ) ਡਾ. ਬਲਜੀਤ ਸਿੰਘ, ਜੋ ਪ੍ਰਭਾਵਿਤ ਔਰਤਾਂ ਦੇ ਇਲਾਜ ਦੀ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਹੈ, “ਜਿਵੇਂ ਹੀ ਸਾਨੂੰ 15 ਔਰਤਾਂ ਦੀ ਹਾਲਤ ਦਾ ਪਤਾ ਲੱਗਾ ਸਾਡੀ ਪੂਰੀ ਮੈਡੀਕਲ ਟੀਮ ਨੇ ਸਿਹਤ ਸੰਭਾਲ ਸੇਵਾਵਾਂ ਨੂੰ ਤੇਜ਼ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ। ਉਨ੍ਹਾਂ ਦੀ ਸਿਹਤ ਨੂੰ ਸਥਿਰ ਕਰਨ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਗਏ। ਇਸ ਸਮੇਂ ਸਾਰੇ ਮਰੀਜ਼ ਖ਼ਤਰੇ ਤੋਂ ਬਾਹਰ ਹਨ ਅਤੇ ਪੂਰੀ ਤਰ੍ਹਾਂ ਠੀਕ ਹੋਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਹਾਲਤ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ।”
ਡਾ. ਬਲਜੀਤ ਸਿੰਘ ਨੇ ਕਿਹਾ ਕਿ ਹਸਪਤਾਲ ਦਾ ਸਟਾਫ ਵਧੀਆ ਤੇ ਸੰਭਵ ਦੇਖਭਾਲ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ “ਅਸੀਂ ਇਨ੍ਹਾਂ ਮਰੀਜ਼ਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੇ। ਉਨ੍ਹਾਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤਰਜੀਹ ਹੈ,”।
ਇਸ ਮੌਕੇ ਹੋਰਨਾਂ ਤੋਂ ਇਲਾਵਾ ਏਡੀਸੀ ਵਿਕਾਸ ਹੀਰਾ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਅਤੇ ਐਸਐਮਓ ਡਾ. ਬਲਜੀਤ ਸਿੰਘ ਵੀ ਹਸਪਤਾਲ ਵਿੱਚ ਮੌਜੂਦ ਸਨ।
