ਚੰਡੀਗੜ੍ਹ, 19 ਮਾਰਚ, 2025 (ਫਤਿਹ ਪੰਜਾਬ ਬਿਊਰੋ) –
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਕਚਹਿਰੀਆਂ ਵਿੱਚ ਵਸੀਕਾ ਨਵੀਸ ਵਜੋਂ ਕੰਮ ਕਰਦੇ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ ਬੱਸੀ ਪਠਾਣਾ ਖਾਤਰ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਰਿਸ਼ਤੇਦਾਰ ਦੀਆਂ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਫ਼ੋਨ ਵਿੱਚ ਰਿਕਾਰਡ ਕਰ ਲਈ।
ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
