Skip to content

ਨਵੀਂ ਦਿੱਲੀ 12 ਮਈ 2024 (ਫਤਿਹ ਪੰਜਾਬ) ਕਾਂਗਰਸ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਵਿਰੋਧੀ ਨੇਤਾਵਾਂ ਨੂੰ ਚੋਣ ਅਧਿਕਾਰੀ ਨਿਸ਼ਾਨਾ ਬਣਾ ਰਹੇ ਹਨ ਅਤੇ ਦਾਅਵਾ ਕੀਤਾ ਕਿ ਬਿਹਾਰ ਦੇ ਸਮਸਤੀਪੁਰ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ ਗਈ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਨੇਤਾਵਾਂ ਨੂੰ ‘ਆਜ਼ਾਦ ਰੂਪ’ ਨਾਲ ਘੁੰਮਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। 

ਖੜਗੇ ਨੇ ਸ਼ਨੀਵਾਰ ਨੂੰ ਬਿਹਾਰ ਦੇ ਸਮਸਤੀਪੁਰ ਅਤੇ ਮੁਜ਼ੱਫਰਪੁਰ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ। ਕਾਂਗਰਸ ਨੇਤਾ ਰਾਜੇਸ਼ ਰਾਠੌੜ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇਕ ਵੀਡੀਓ ਸੰਦੇਸ਼ ‘ਚ ਦਾਅਵਾ ਕੀਤਾ ਕਿ ਪਹਿਲਾਂ ਕੇਰਲ ‘ਚ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ ਗਈ ਸੀ ਅਤੇ ਹੁਣ ਬਿਹਾਰ ਦੇ ਸਮਸਤੀਪੁਰ ‘ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ ਗਈ ਹੈ।

ਪਾਰਟੀ ਦੀ ਬਿਹਾਰ ਇਕਾਈ ਦੇ ਮੁੱਖ ਬੁਲਾਰੇ ਰਾਠੌੜ ਨੇ ਕਿਹਾ ਕਿ ਬਿਹਾਰ ਦੇ ਮੁੱਖ ਚੋਣ ਅਧਿਕਾਰੀ ਨੇ ਖੁਦ ਸਮਸਤੀਪੁਰ ‘ਚ ਖੜਗੇ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ। ਵੀਡੀਓ ‘ਚ ਇਕ ਹੈਲੀਕਾਪਟਰ ਦੇ ਚਾਰੇ ਪਾਸੇ ਪੁਲਸ ਮੁਲਾਜ਼ਮ ਅਤੇ ਅਧਿਕਾਰੀ ਦਿਖਾਈ ਦਿੰਦੇ ਹਨ। 

ਰਾਠੌੜ ਨੇ ਆਪਣੇ ਵੀਡੀਓ ਸੰਦੇਸ਼ ‘ਚ ਕਿਹਾ ਕਿ ਚੋਣ ਕਮਿਸ਼ਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਕਾਂਗਰਸ ਨੇਤਾਵਾਂ ਦੇ ਹੈਲੀਕਾਪਟਰਾਂ ਦੀ ਅਜਿਹੀ ਜਾਂਚ ਆਮ ਗੱਲ ਹੈ ਅਤੇ ਜੇਕਰ ਇਹ ਰੁਟੀਨ ਹੈ ਤਾਂ ਕੀ ਰਾਜਗ ਦੇ ਸੀਨੀਅਰ ਨੇਤਾਵਾਂ ਦੀ ਵੀ ਇਸੇ ਤਰ੍ਹਾਂ ਦੀ ਜਾਂਚ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਅਜਿਹੀ ਸਾਰੀ ਜਾਣਕਾਰੀ ਜਨਤਕ ਕਰਨੀ ਚਾਹੀਦੀ ਹੈ, ਨਹੀਂ ਤਾਂ ਇਹ ਮੰਨਿਆ ਜਾਵੇਗਾ ਕਿ ਚੋਣ ਕਮਿਸ਼ਨ ਸਿਰਫ਼ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਰਾਜਗ ਦੇ ਨੇਤਾਵਾਂ ਨੂੰ ਖੁੱਲ੍ਹਾ ਘੁੰਮਣ ਦੇ ਰਿਹਾ ਹੈ। ਕਾਂਗਰਸ ਬੁਲਾਰੇ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਉਨ੍ਹਾਂ ਸਾਰੇ ਨੇਤਾਵਾਂ ਦੇ ਵੀਡੀਓ ਸਾਹਮਣੇ ਲਿਆਉਣੇ ਚਾਹੀਦੇ ਹਨ, ਜਿਨ੍ਹਾਂ ਦੀ ਅਜਿਹੀ ਜਾਂਚ ਕੀਤੀ ਗਈ ਹੈ।

error: Content is protected !!