Punjab – Hayrana River Water Row
ਚੰਡੀਗੜ੍ਹ, 1 ਮਈ, 2025 (ਫਤਿਹ ਪੰਜਾਬ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਸੂਬੇ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ ਸੋਮਵਾਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਪਾਰਟੀ ਵਿਧਾਇਕਾਂ ਨਾਲ ਹੋਈ ਇਕ ਮੀਟਿੰਗ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 2 ਮਈ ਨੂੰ ਇਸ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਹੋਵੇਗੀ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਸਰਕਾਰ ਵੱਲੋਂ ਹੇਠ ਦਿੱਤੇ ਨੇਤਾਵਾਂ ਨੂੰ ਸੱਦਾ ਭੇਜਿਆ ਗਿਆ ਹੈ।


ਜਿਕਰਯੋਗ ਹੈ ਕਿ ਕੇਂਦਰੀ ਸਰਕਾਰ ਦੇ ਦਬਾਅ ਹੇਠ ਬੀਬੀਐਮਬੀ ਦੇ ਬੋਰਡ ਵੱਲੋਂ ਪੰਜਾਬ ਦੇ ਸਖ਼ਤ ਵਿਰੋਧ ਦੇ ਬਾਵਜੂਦ ਪੰਜਾਬ ਦੇ ਦਰਿਆਈ ਪਾਣੀ ਵਿੱਚੋਂ ਹਰਿਆਣਾ ਰਾਜ ਨੂੰ ਬਣਦੇ ਹਿੱਸੇ ਨਾਲੋਂ ਵੱਧ ਪਾਣੀ ਦੇਣ ਵਿਰੁੱਧ ਪੰਜਾਬ ਦੇ ਲੋਕਾਂ ਵਿੱਚ ਰੋਸ ਦੀ ਲਹਿਰ ਹੈ। ਇਸ ਵਧੀਕੀ ਖ਼ਿਲਾਫ਼ ਅੱਜ 1 ਮਈ ਨੂੰ ਰਾਜ ਭਰ ਵਿੱਚ ਸੱਤਾਧਾਰੀ Aam Aadmi Party (AAP) ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੀਜੇਪੀ ਦਫਤਰਾਂ ਤੇ ਨੇਤਾਵਾਂ ਦੇ ਘਰਾਂ ਅੱਗੇ ਅਤੇ ਸ਼ਹਿਰਾਂ ਦੇ ਚੌਕਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਤੇ ਬੀਬੀਐਮਬੀ ਦਾ ਪੁਤਲੇ ਫੂਕੇ ਗਏ।
ਇਹ ਦੋਸ਼ ਲਾਏ ਗਏ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਧੱਕੇਸ਼ਾਹੀ ਨਾਲ ਪੰਜਾਬ ਦੇ ਲੋਕਾਂ ਦੇ ਹਿਤਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਹੇਠ ਪਾਣੀਆਂ ਦੀ ਖੁੱਲ੍ਹੀ ਲੁੱਟ ਕਰਨ ਦਾ ਠੇਕਾ ਬੀਬੀਐਮਬੀ ਨੂੰ ਦੇ ਦਿੱਤਾ ਹੈ ਅਤੇ ਗਵਾਂਢੀ ਸੂਬਿਆਂ ਵਿੱਚ ਭਾਜਪਾ ਸਰਕਾਰਾਂ ਨੂੰ ਖੁਸ਼ ਕਰਨ ਦੀ ਨੀਅਤ ਨਾਲ ਪੰਜਾਬ ਰਿਪੇਰੀਅਨ ਰਾਜ ਹੋਣ ਦੇ ਬਾਵਜੂਦ ਸੂਬੇ ਦਾ ਹੱਕ ਖੋਹਿਆ ਜਾ ਰਿਹਾ ਹੈ। ਉਨ੍ਹਾਂ ਇਸ ਕਦਮ ਨੂੰ ਸੰਘੀ ਢਾਂਚੇ ਦੀ ਉਲੰਘਣਾ ਕਰਾਰ ਦਿੰਦਿਆਂ ਪੰਜਾਬ ਦੇ ਲੋਕਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਅਤੇ ਪਾਣੀ ਵਾਲੇ ਪਾਣੀ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।