ਸਿਖਰਲੀ ਅਦਾਲਤ ਨੇ ਕਿਹਾ ਕਿ ਕਾਰਵਾਈ ਕਰਨਾ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ‘ਤੇ ਨਿਰਭਰ
ਨਵੀਂ ਦਿੱਲੀ 13 ਮਈ 2024 (ਫਤਿਹ ਪੰਜਾਬ) ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਅਜਿਹੀਆਂ ਮੰਗ ਕਰਦੀਆਂ ਪਟੀਸ਼ਨਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ।
ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਇਹ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ (ਐਲ.ਜੀ) ‘ਤੇ ਨਿਰਭਰ ਕਰਦਾ ਹੈ ਕਿ ਜੇਕਰ ਉਹ ਕੋਈ ਕਰਨਾ ਚਾਹੁੰਦਾ ਹੈ ਪਰ ਅਸੀਂ ਇਸ ਮਾਮਲੇ ਵਿੱਚ ਦਖਲ ਨਹੀਂ ਦੇਵਾਂਗੇ।
ਅਦਾਲਤ ਨੇ ਕਿਹਾ ਕਿ ਇਹ ਯੋਗਤਾ ਦਾ ਮਾਮਲਾ ਹੈ ਪਰ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਜਦੋਂ ਇਸ ਮਾਮਲੇ ਦੀ ਸੁਣਵਾਈ ਹੋ ਰਹੀ ਸੀ ਤਾਂ ਅਸੀਂ ਉਨ੍ਹਾਂ ਨੂੰ ਇਹੀ ਸਵਾਲ ਕੀਤਾ ਸੀ। ਆਖਰਕਾਰ, ਇਹ ਯੋਗਤਾ ਦਾ ਮਾਮਲਾ ਹੈ ਅਤੇ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
ਸਿਖਰਲੀ ਅਦਾਲਤ ਪਟੀਸ਼ਨਕਰਤਾ ਕਾਂਤ ਭਾਟੀ ਦੁਆਰਾ 10 ਅਪ੍ਰੈਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਇਸ ਮਾਮਲੇ ਬਾਰੇ ਦਿੱਤੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ ਕਿਉਂਕਿ ਉਸ ਦੀ ਪਟੀਸ਼ਨ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਸੀ।