ਚੰਡੀਗੜ੍ਹ, 21 ਨਵੰਬਰ, 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀਸੀਐਸ) ਦੇ ਅਧਿਕਾਰੀ ਗੁਰਵਿੰਦਰ ਸਿੰਘ ਜੌਹਲ, ਜੋ ਕਿ ਰੂਪਨਗਰ ਵਿਖੇ ਖੇਤਰੀ ਟਰਾਂਸਪੋਰਟ ਅਧਿਕਾਰੀ (ਆਰਟੀਓ) ਵਜੋਂ ਤਾਇਨਾਤ ਸਨ, ਨੂੰ ਪੰਜਾਬ ਸਿਵਲ ਸੇਵਾ ਨਿਯਮਾਂ ਦੀ ਧਾਰਾ 4(1)(ਏ) ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧ ਵਿੱਚ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਡਿਊਟੀ ਲਈ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਵੇਗਾ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੀ ਪੱਧਰ ‘ਤੇ ਮਨਾ ਰਹੀ ਹੈ ਅਤੇ ਕਾਫੀ ਪ੍ਰਬੰਧ ਕੀਤੇ ਗਏ ਹਨ ਅਜਿਹੇ ਮੌਕੇ ਜਿਲ੍ਹੇ ਦੇ ਇੱਕ ਅਧਿਕਾਰੀ ਨੂੰ ਮੁਅੱਤਲ ਕਰਨ ਬਾਰੇ ਸੂਬਾ ਸਰਕਾਰ ਨੇ ਹੁਕਮਾਂ ਵਿੱਚ ਕੋਈ ਕਾਰਨ ਨਹੀਂ ਦੱਸਿਆ ਹੈ।
ਪਰ ਰਿਪੋਰਟਾਂ ਅਨੁਸਾਰ ਸੱਤਾਧਾਰੀ ਪਾਰਟੀ ਦੇ ਕੁਝ ਨੇਤਾਵਾਂ ਨੇ ਦੋਸ਼ ਲਗਾਇਆ ਹੈ ਕਿ ਆਰਟੀਓ ਗੁਰਵਿੰਦਰ ਸਿੰਘ ਜੌਹਲ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਮਾਗਮ ਸੰਬੰਧੀ ਜ਼ਿਲ੍ਹੇ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਲੋਕਾਂ ਨੂੰ ਢੁਕਵੀਂ ਬੱਸਾਂ ਪ੍ਰਦਾਨ ਨਹੀਂ ਕੀਤੀਆਂ।
