ਮੁਲਜ਼ਮ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਸੀ 70,000 ਰੁਪਏ ਰਿਸ਼ਵਤ
ਚੰਡੀਗੜ੍ਹ 2 ਦਸੰਬਰ, 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ੀਰਾ ਨਿਵਾਸੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ ਉਸਤੋਂ 5,40,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ ‘ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ ਅਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਵੀ ਕੀਤੇ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।