ਚੰਡੀਗੜ੍ਹ 21 ਮਈ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੋ ਵਾਰ ਭਾਜਪਾ ਦੇ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਤਿੰਨ ਖੇਤੀ ਕਾਨੂੰਨਾਂ ਬਾਰੇ ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਖ਼ਿਲਾਫ਼ ਭਾਜਪਾ ਤੋਂ ਅਸਤੀਫ਼ਾ ਦੇਣ ਤੋਂ ਕੁੱਝ ਸਮੇਂ ਬਾਅਦ ਨੰਨੂ ਜਨਵਰੀ 2022 ਵਿੱਚ ਪੰਜਾਬ ਚੋਣਾਂ ਮੌਕੇ ਆਪਣੇ ਸਮਰਥਕਾਂ ਸਮੇਤ ਮੁੜ੍ਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਅਸਤੀਫਾ ਦੇਣ ਵੇਲੇ ਨੰਨੂ ਨੇ ਕੇਂਦਰ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ ਲਈ ਆਪਣੇ ਘਰ ਤੋਂ ਭਾਜਪਾ ਦਾ ਝੰਡਾ ਉਤਾਰ ਕੇ ਉਸ ਦੀ ਥਾਂ ਕਾਲਾ ਝੰਡਾ ਲਗਾ ਦਿੱਤਾ ਸੀ।

ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਵਰਗੀ ਗਿਰਧਾਰਾ ਸਿੰਘ ਦੇ ਸਪੁੱਤਰ ਨੰਨੂ ਨੇ ਸਾਲ 2002 ਅਤੇ 2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਟਿਕਟ ‘ਤੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਸੀ ਪਰ ਸਾਲ 2012 ਅਤੇ 2017 ਵਿੱਚ ਦੋਵੇਂ ਵਾਰ ਉਹ ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਤੋਂ ਹਾਰ ਗਏ ਸਨ।

Skip to content