Former Akali Dal MLA Darshan Singh Kotfayya joins AAP

ਚੰਡੀਗੜ੍ਹ, 21 ਮਈ 2024 (ਫਤਿਹ ਪੰਜਾਬ) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ, ਜਿਸ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸੱਤਾਧਾਰੀ ਪਾਰਟੀ ਆਪ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਉਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ।

ਸਰਕਾਰੀ ਨੌਕਰੀ ਤੋਂ ਸੇਵਾਮੁਕਤੀ ਪਿੱਛੋਂ  ਦਰਸ਼ਨ ਸਿੰਘ ਕੋਟਫੱਤਾ ਸਾਲ 2012 ਵਿੱਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦਾ ਵਿਧਾਇਕ ਬਣੇ। ਉਨਾਂ ਭੁੱਚੋ ਮੰਡੀ (SC) ਹਲਕੇ ਤੋਂ ਸਾਲ 2022 ਵਿੱਚ ਪੰਜਾਬ ਵਿਧਾਨ ਸਭਾ ਦੀ ਚੋਣ ਵੀ ਲੜੀ। 

ਆਪਣੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਅਕਾਲੀ ਦਲ (ਬਾਦਲ) ਖਤਮ ਹੋ ਚੁੱਕਾ ਹੈ ਤੇ ਲੋਕਾਂ ਦਾ ਅਕਾਲੀ ਦਲ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ ਕਿਉਂਕਿ ਹੁਣ ਬਾਦਲ ਦਲ ਸਿਰਫ ਭ੍ਰਿਸ਼ਟ ਅਤੇ ਸਵਾਰਥੀ ਲੋਕਾਂ ਨਾਲ ਭਰਿਆ ਹੋਇਆ ਹੈ।

ਭਾਜਪਾ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ। ਪੰਜਾਬੀਆਂ ਨੂੰ ਆਪਣੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ ਤੇ ਅਸੀਂ ਕਦੇ ਵੀ ਕਿਸੇ ਨਾਲ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਨੂੰ ਬਰਦਾਸ਼ਤ ਨਹੀਂ ਕਰਾਂਗੇ।

ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਦੀ ਰਾਜਨੀਤੀ ਕਰਦੀ ਹੈ। ਅਸੀਂ ਆਪਣੇ ਦੋ ਸਾਲਾਂ ਦੇ ਵਿਕਾਸ ਕੰਮਾਂ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਾਂ। ਹਰ ਰੋਜ਼ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵਿੱਚ ਹਰ ਪੰਜਾਬ ਪੱਖੀ ਆਵਾਜ਼ ਦਾ ਸਵਾਗਤ ਹੈ।

Skip to content