ਚੰਡੀਗੜ੍ਹ 26 ਮਈ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਚਾਨਕ ਪਾਰਟੀ ਵਿੱਚੋਂ ਕੱਢਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪਾਰਟੀ ਦੇ ਸਿਧਾਂਤਾਂ ਤੇ ਉਲਟ ਕਰਾਰ ਦਿੱਤਾ ਹੈ। ਉਹਨਾਂ ਪਾਰਟੀ ਲੀਡਰਸ਼ਿਪ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਗੁਰੇਜ ਕਰਨ ਦੀ ਵੀ ਸਲਾਹ ਦਿੱਤੀ ਹੈ।
ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੀ ਸੀਨੀਅਰ ਆਗੂ ਐੱਸਜੀਪੀਸੀ ਮੈਂਬਰ ਅਤੇ ਚੰਡੀਗੜ੍ਹ ਦੀ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੂੰ ਬਿਨਾਂ ਕਿਸੇ ਨਾਲ ਸਲਾਹ-ਮਸ਼ਵਰੇ ਤੋਂ ਪਾਰਟੀ ਤੋ ਕੱਢ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਪਾਰਟੀ ਵਿਚ ਸ਼ਾਮਿਲ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਕਾਹਲੀ ਵਿੱਚ ਲਏ ਫੈਸਲੇ ਪਾਰਟੀ ਦੇ ਹਿੱਤ ਵਿੱਚ ਨਹੀਂ ਹਨ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਇਸ ਲਈ ਪਾਰਟੀ ਨੂੰ ਅਜਿਹੇ ਫੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਢੀਂਡਸਾ ਨੇ ਅੱਗੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਯੋਗਦਾਨ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕੱਢਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਪਾਰਟੀ ਦੇ ਹਿੱਤਾਂ ਖਿਲਾਫ ਹੈ।
ਉਨਾਂ ਕਿਹਾ ਕਿ ਅਜਿਹਾ ਮਹੱਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਪਾਰਟੀ ਨੂੰ ਚੰਗੀ ਤਰ੍ਹਾਂ ਸੋਚ ਵਿਚਾਰ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕਿਸੇ ਉਮੀਦਵਾਰ ਦੇ ਕਹਿਣ ਤੇ ਹੀ ਚੋਣ ਮੁਹਿੰਮ ਦੇ ਆਖਰੀ ਪੜਾਅ ਉੱਤੇ ਪਾਰਟੀ ਨੂੰ ਬਿਨਾਂ ਨੋਟਿਸ ਦਿੱਤੇ ਅਜਿਹਾ ਫ਼ੈਸਲਾ ਨਹੀਂ ਲੈਣਾ ਚਾਹੀਦਾ ਕਿਉਂਕਿ ਅਜਿਹੇ ਨਾਜ਼ੁਕ ਮੌਕੇ ਆਦੇਸ਼ ਪ੍ਰਤਾਪ ਸਿੰਘ ਵਰਗੇ ਪਾਰਟੀ ਦੇ ਅਹਿਮ ਸੀਨੀਅਰ ਆਗੂ ਨੂੰ ਪਾਰਟੀ ਵਿੱਚੋਂ ਕੱਢਣਾ ਪਾਰਟੀ ਲਈ ਨੁਕਸਾਨਦੇਹ ਹੋ ਸਕਦਾ ਹੈ।