Akali Dal ਦੇ ਭਾਈ ਮਨਜੀਤ ਸਿੰਘ ਵਲੋਂ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੀ ਹਮਾਇਤ ਦਾ ਐਲਾਨ
ਚੰਡੀਗੜ੍ਹ 27 ਮਈ 2024 (ਫਤਿਹ ਪੰਜਾਬ) Shiromani Akali Dal ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਮਾਝੇ ਦੇ ਸੀਨੀਅਰ ਲੀਡਰ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਵਲੋਂ ਪਾਰਟੀ ਵਿਰੁੱਧ ਬਗਾਵਤ ਦਾ ਬਿਗਲ ਵਜਾ ਦਿੱਤਾ ਗਿਆ ਹੈ।
ਇਸ ਉਪਰੰਤ ਮਨਜੀਤ ਸਿੰਘ ਨੇ ਖਡੂਰ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਵੀ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਪਾਰਟੀ ਵਿਰੁੱਧ ਬਗਾਵਤ ਦਾ ਬੈਨਰ ਉਠਾਉਂਦੇ ਹੋਏ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਦਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਨੂੰ ਅਕਾਲ ਤਖ਼ਤ ਵੱਲੋਂ ਮੁਆਫੀ ਦੇਣ ਪਿੱਛੇ ਹੱਥ ਹੈ।
ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਮਾਝਾ ਪੱਟੀ ਦੇ ਅਕਾਲੀ ਆਗੂ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਹਨ, ਨੇ ਕਿਹਾ ਕਿ ਇਹ ਕਦਮ ਪਾਰਟੀ ਲਈ ਆਤਮਘਾਤੀ ਸਾਬਤ ਹੋਇਆ ਹੈ।
ਉਨ੍ਹਾਂ ਕਿਸੇ ਦਾ ਨਾਂ ਲਏ ਬਗ਼ੈਰ ਕਿਹਾ ਕਿ ਇਸ ਘਟਨਾ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਵਿਅਕਤੀ ਆਪਣੇ ਸਵਾਰਥਾਂ ਨੂੰ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੈਤਿਕ ਆਧਾਰ ’ਤੇ ਮੁਆਫ਼ੀ ਮੰਗਣ ਤਾਂ ਜੋ ਸਿੱਖਾਂ ਦੇ ਹਿਰਦੇ ਸ਼ਾਂਤ ਹੋ ਸਕਣ।
ਭਾਈ ਮਨਜੀਤ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਨੂੰ ਮੁਆਫ਼ ਕਰਨਾ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਆਤਮਘਾਤੀ ਕਦਮ ਸੀ ਜਿਸ ਨੇ ਪੰਥਕ ਏਜੰਡੇ ਨੂੰ ਤਿਆਗ ਦਿੱਤਾ ਹੈ। ਇਸ ਕਦਮ ਨਾਲ ਅਕਾਲ ਤਖ਼ਤ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਸਿੱਖ ਸੰਸਥਾਵਾਂ ਦਾ ਅਕਸ ਖਰਾਬ ਹੋਇਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੇ ਨਿਘਾਰ ਕਾਰਨ ਪਾਰਟੀ ਵਿੱਚ ਸੰਕਟ ਪੈਦਾ ਹੋਇਆ ਹੈ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦੀ ਹਾਰ ਦਾ ਕਾਰਨ ਵੀ ਇਹੀ ਸੀ।
ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨਹੀਂ ਛੱਡਾਂਗਾ ਅਤੇ ਇਸ ਵਿਚ ਰਹਿ ਕੇ ਇੰਨਾਂ ਮੁੱਦਿਆਂ ਲਈ ਲੜਾਈ ਲੜਾਂਗਾ ਅਤੇ ਬਹਿਬਲ ਕਲਾਂ ਵਿੱਚ ਮਾਰੇ ਗਏ ਸਿੱਖ ਪ੍ਰਦਰਸ਼ਨਕਾਰੀਆਂ ਦੀ ਯਾਦ ਵਿੱਚ 14 ਅਕਤੂਬਰ ਨੂੰ ਬਰਗਾੜੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੀ ਸ਼ਾਮਲ ਹੋਵਾਂਗਾ।