ਚੰਡੀਗੜ੍ਹ 29 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ 285 ਕਰੋੜ ਰੁਪਏ ਵਿੱਚੋਂ ਫੰਡਾਂ ਦੀ ਕਥਿਤ ਤੌਰ ‘ਤੇ ਗਬਨ ਕਰਨ ਦੇ ਦੋਸ਼ ਵਿੱਚ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫ਼ਤਾਰ ਕੀਤੇ ਸੁਰਿੰਦਰ ਸਿੰਘ ਢਿੱਲੋਂ ਨੂੰ ਮੁਕਤਸਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਮੁੜ ਬਹਾਲ ਕਰ ਦਿੱਤਾ ਹੈ।
ਇਸ ਮੁਕੱਦਮੇ ਵਿੱਚ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਢਿੱਲੋਂ ਨੇ ਬੀਤੇ ਦਿਨ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸਰਕਾਰ ਨੇ ਪਿਛਲੇ ਹਫ਼ਤੇ ਉਸ ਨੂੰ ਬਹਾਲ ਕੀਤਾ ਸੀ ਅਤੇ ਸੋਮਵਾਰ ਨੂੰ ਮੁਕਤਸਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਤਾਇਨਾਤ ਕਰ ਦਿੱਤਾ ਸੀ। ਢਿੱਲੋਂ ਦਾ ਕਹਿਣਾ ਹੈ ਕਿ “ਇਸ ਕੇਸ ਵਿੱਚ ਮੈਂ ਕੁਝ ਵੀ ਗਲਤ ਨਹੀਂ ਕੀਤਾ ਹੈ। ਮੇਰੇ ਖਿਲਾਫ ਮਾਮਲਾ ਲੰਬਿਤ ਹੈ ਅਤੇ ਅਦਾਲਤ ਨੇ ਮੈਨੂੰ ਜ਼ਮਾਨਤ ਦੇ ਦਿੱਤੀ ਹੈ।”
ਜਿਕਰਯੋਗ ਹੈ ਕਿ ਢਿੱਲੋਂ ਨੂੰ ਸਾਲ 2022 ਦੌਰਾਨ ਪਟਿਆਲਾ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੋਣ ‘ਤੇ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰੋਜੈਕਟ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਲਈ ਅਲਾਟ ਕੀਤੇ ਗਏ 285 ਕਰੋੜ ਰੁਪਏ ਵਿੱਚੋਂ ਫੰਡਾਂ ਦੀ ਕਥਿਤ ਤੌਰ ‘ਤੇ ਗਬਨ ਕਰਨ ਦੇ ਦੋਸ਼ ਵਿੱਚ ਪੰਜਾਬ ਵਿਜੀਲੈਂਸ ਬਿਉਰੋ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ 26 ਮਈ, 2022 ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ ਪਿਛਲੇ ਸਾਲ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਆਈਪੀਸੀ ਦੀਆਂ ਧਾਰਾਵਾਂ 406, 420, 409, 465, 467, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਆਇਦ ਹਨ। ਯਾਦ ਰਹੇ ਕਿ ਢਿੱਲੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੌਰਾਨ ਵੀ ਬਲਾਕ ਲੰਬੀ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਵਜੋਂ ਸੇਵਾ ਨਿਭਾਅ ਚੁੱਕੇ ਹਨ।