SKM Punjab ਨੇ BJP ਦੇ ਨਾਲ AAP ਨੂੰ ਵੀ ਦਿੱਤੀ ਸੰਘਰਸ਼ ਦੀ ਚਿਤਾਵਨੀ
ਚੰਡੀਗੜ੍ਹ, 13 ਮਈ 2014 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਪਿਛਲੇ ਦਿਨੀਂ ਸਬੰਧਤ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸਭ ਉਮੀਦਵਾਰਾਂ ਨੂੰ ਬਰਾਬਰੀ ਦਾ ਮੈਦਾਨ ਮੁਹੱਈਆ ਕਰਾਉਣ ਲਈ ਕਹਿਣ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਮੁਸ਼ਤੈਦ ਹੋ ਗਈ ਜਾਪਦੀ ਹੈ ਜਿਸ ਕਰਕੇ ਰਾਜ ਵਿੱਚ BJP ਉਮੀਦਵਾਰਾਂ ਨੂੰ ਰੋਕ ਕੇ ਸਵਾਲ ਪੁੱਛਣ ਵਾਲੇ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ਹਨ। ਯਾਦ ਰਹੇ ਭਾਜਪਾ ਦੇ ਇੱਕ ਵਫ਼ਦ ਨੇ ਚੋਣ ਦਫ਼ਤਰ ਨੂੰ ਇੱਕ ਮੰਗ ਪੱਤਰ ਦਿੱਤਾ ਸੀ ਜਿਸ ਵਿੱਚ ਕਾਨੂੰਨ ਵਿਵਸਥਾ ਕਾਇਮ ਕਰਨ ਸਮੇਤ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰਾਂ ਦੀ ਸੁਰੱਖਿਆ ਅਤੇ ਪ੍ਰਚਾਰ ਦੇ ਅਧਿਕਾਰ ਦੀ ਰਾਖੀ ਕਰਨ ਵਿੱਚ ਸਰਕਾਰ ਦੀ ਨਾਕਾਮੀ ਬਾਰੇ ਚਿੰਤਾ ਪ੍ਰਗਟਾਈ ਸੀ।
ਪੁਲਸ ਨੇ ਐਤਵਾਰ ਨੂੰ ਸਵੇਰੇ ਕਿਰਤੀ ਕਿਸਾਨ ਯੂਨੀਅਨ (ਕੇ.ਕੇ.ਯੂ.) ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਫਰੀਦਕੋਟ ਜ਼ਿਲੇ ਦੇ ਪਿੰਡ ਦੀਪ ਸਿੰਘ ਵਾਲਾ ਦੇ ਘਰੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਬੀਕੇਯੂ ਡਕੌਂਦਾ (ਧਨੇਰ) ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਸ਼ਨੀਵਾਰ ਸ਼ਾਮ ਨੂੰ ਪੁਲਿਸ ਨੇ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ।
ਰਜਿੰਦਰ ਸਿੰਘ ਅਤੇ ਹਰਨੇਕ ਸਿੰਘ ਦੋਵੇਂ ਸੰਯੁਕਤ ਕਿਸਾਨ ਮੋਰਚਾ (SKM) ਦੇ ਮੈਂਬਰ ਹਨ।
ਹਰਨੇਕ ਸਿੰਘ ਮਹਿਮਾ ਨੇ ਹੋਰ ਕਿਸਾਨਾਂ ਸਮੇਤ ਸ਼ੁੱਕਰਵਾਰ ਦੁਪਹਿਰ ਫਿਰੋਜ਼ਪੁਰ ‘ਚ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ। ਸ਼ਨੀਵਾਰ ਨੂੰ ਕੇ.ਕੇ.ਯੂ. ਦੇ ਆਗੂਆਂ ਨੇ ਫਰੀਦਕੋਟ ਦੇ ਪਿੰਡ ਬੀਹਲੇਵਾਲਾ ਵਿਖੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਖਿਲਾਫ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਬਾਅਦ ਨੌਜਵਾਨ ਭਾਰਤ ਸਭਾ ਦੇ ਮੈਂਬਰ ਨੌਨਿਹਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਰਜਿੰਦਰ ਸਿੰਘ ਨੇ ਐਤਵਾਰ ਨੂੰ ਫਰੀਦਕੋਟ ਦੇ ਸਾਦਿਕ ਖੇਤਰ ਦੇ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਉਸ ਨੂੰ ਐਤਵਾਰ ਸਵੇਰੇ ਹੀ ਪੁਲਿਸ ਨੇ ਉਸ ਦੇ ਘਰੋਂ ਚੁੱਕ ਲਿਆ। ਜਾਣਕਾਰੀ ਮੁਤਾਬਕ ਦੋਵਾਂ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਹਰਨੇਕ ਸਿੰਘ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ।
ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਰੋਸ ਵਜੋਂ ਸੂਬੇ ਭਰ ਦੇ ਕਈ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ।
ਯਾਦ ਰਹੇ ਕਿ ਬੀਤੀ 7 ਮਈ ਨੂੰ ਫਾਜ਼ਿਲਕਾ ਪੁਲਿਸ ਨੇ 50 ਤੋਂ ਵੱਧ ਕਿਸਾਨਾਂ ਨੂੰ ਉਦੋਂ ਹਿਰਾਸਤ ਵਿੱਚ ਲੈ ਲਿਆ ਸੀ ਜਦੋਂ ਉਨ੍ਹਾਂ ਨੇ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੀ ਚੋਣ ਰੈਲੀ ਵਾਲੀ ਥਾਂ ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਸੀ, ਜਿੱਥੇ CM ਮਾਨ ਵੀ ਆਏ ਸਨ। ਮਾਨ ਦੇ ਜਾਣ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਯਾਦ ਰਹੇ ਕਿ ਪਿਛਲੇ ਦਿਨੀਂ ਪਟਿਆਲ਼ਾ ਜ਼ਿਲੇ ਦੇ ਪਿੰਡ ਸੇਹਰਾ ਵਿਖੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਰੋਕ ਕੇ ਸਵਾਲ ਪੁੱਛਣ ਮੌਕੇ ਧੱਕਾ ਮੁੱਕੀ ਦੌਰਾਨ ਇੱਕ ਕਿਸਾਨ ਦੀ ਮੌਤ ਵੀ ਹੋ ਚੁੱਕੀ ਹੈ।
ਪੁਲਿਸ ਵੱਲੋਂ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਕਰਨ ਅਤੇ ਵਿਰੋਧ ਦੌਰਾਨ ਲਾਠੀਚਾਰਜ ਕਰਨ ਵਿਰੁੱਧ SKM Punjab ਦੇ ਆਗੂਆਂ ਕੇ.ਕੇ.ਯੂ ਦੇ ਸੂਬਾ ਪ੍ਰੈਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਅਤੇ ਐਸਕੇਐਮ ਦੀ ਕੌਮੀ ਤਾਲਮੇਲ ਕਮੇਟੀ ਦੇ ਮੈਂਬਰ ਤੇ ਬੀ.ਕੇ.ਯੂ. ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਤਿੱਖੇ ਪ੍ਰਤੀਕਰਮ ਦਿੱਤੇ ਹਨ ਅਤੇ BJP ਸਮੇਤ ਆਮ ਆਦਮੀ ਪਾਰਟੀ ਖਿਲਾਫ ਵੀ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ।
ਇਸੇ ਦੌਰਾਨ SKM Punjab ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਇੱਕ ਬਿਆਨ ਵਿੱਚ ਕਿਹਾ ਕਿ ਗ੍ਰਿਫਤਾਰ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਅ ਲਈ ਮੋਰਚਾ ਲੱਗ ਚੁੱਕਾ ਹੈ ਅਤੇ ਜੇਕਰ ਆਪ ਸਰਕਾਰ ਨੇ ਬਿਨਾ ਸ਼ਰਤ ਰਿਹਾਅ ਨਾ ਕੀਤੇ ਤਾਂ SKM Punjab ਅੰਦੋਲਨ ਹੋਰ ਤੇਜ਼ ਕਰੇਗਾ।
ਬੀਬਾ ਰਾਜੂ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕਿਸਾਨਾਂ ’ਤੇ ਢਾਹੇ ਜਾ ਰਹੇ ਜਬਰ ਤੋਂ ਸਾਫ਼ ਹੈ ਕਿ ‘ਆਪ’ ਪਾਰਟੀ ਭਾਜਪਾ ਦੀ B team ਵਜੋਂ ਕੰਮ ਕਰ ਰਹੀ ਹੈ।