ਫਰੀਦਕੋਟ, 12 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਵੱਲੋਂ ਅਹੁਦੇ ਤੋਂ ਹਟਾਏ ਜਾਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਪਰ ਗੰਭੀਰ ਇਲਜ਼ਾਮ ਲਗਾਏ ਹਨ।
ਇੱਥੇ ਸਮਾਗਮ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪੰਥਕ ਹਿੱਤਾਂ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਉਹ ਚਾਪਲੂਸਾਂ ਨਾਲ ਘਿਰਿਆ ਹੋਇਆ ਹੈ। ਉਨ੍ਹਾਂ ਸਿੱਖ ਹਿਤੈਸ਼ੀ ਲੋਕਾਂ ਨੂੰ ਇਕੱਠੇ ਹੋਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਸਹਿਯੋਗ ਮੰਗਿਆ। ਉਨਾਂ ਆਪਣੇ ਭਵਿੱਖਤ ਇਰਾਦਿਆਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸਿੱਖੀ ਸਿਧਾਂਤਾਂ ਦੇ ਪ੍ਰਚਾਰ ਲਈ ਪਿੰਡ-ਪਿੰਡ ਜਾਣਗੇ ਅਤੇ ਪੰਥ ਵਿਰੋਧੀ ਤਾਕਤਾਂ ਦੇ ਚਿਹਰੇ ਨੰਗੇ ਕਰਨਗੇ। ਉਨ੍ਹਾਂ ਇਹ ਵੀ ਆਖਿਆ ਕਿ ਸੁਖਬੀਰ ਸਿੰਘ ਬਾਦਲ ਸਿੱਖਾਂ ਦੇ ਅਕਾਲੀ ਦਲ ਦੀ ਅਗਵਾਈ ਨਹੀਂ ਕਰ ਰਿਹਾ ਹੈ ਅਤੇ ਅਕਾਲ ਤਖ਼ਤ ਦੇ ਹੁਕਮਨਾਮਿਆਂ ਨੂੰ ਮੰਨਣ ਤੋਂ ਵੀ ਇਨਕਾਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਜਥੇਦਾਰ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਵੀ ਸੁਖਬੀਰ ਬਾਦਲ ਦੇ ਕਹਿਣ ’ਤੇ ਹੀ ਸ਼੍ਰੋਮਣੀ ਕਮੇਟੀ ਨੇ ਖ਼ਤਮ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਅਕਾਲੀ ਦਲ ਪੰਥ ਵਿਰੋਧੀ ਫ਼ੈਸਲੇ ਲੈਂਦਾ ਰਿਹਾ ਹੈ ਜਿਸ ਦਾ ਉਸ ਨੂੰ ਲੋਕ ਕਚਹਿਰੀ ਵਿੱਚ ਹਿਸਾਬ ਦੇਣਾ ਪਵੇਗਾ।