ਚੰਡੀਗੜ੍ਹ 18 ਜੂਨ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੇ਼ਦਰ ਸਰਕਾਰ ਨੂੰ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਵਿਚੋਂ ਆਪਣਾ ਅਪਰਾਧਿਕ ਨੈਟਵਰਕ ਚਲਾਉਣ ਅਤੇ ਗੁਜਰਾਤ ਦੀ ਜੇਲ੍ਹ ਵਿਚੋਂ ਪਾਕਿਸਤਾਨ ਦੇ ਗੈਂਗਸਟਰ ਸ਼ਾਹਜ਼ਾਦ ਭੱਟੀ ਨੂੰ ਵੀਡੀਓ ਕਾਲ ਕਰ ਕੇ ਕੌਮੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਲਾਰੈਂਸ ਨੇ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੋਵੇ। ਉਹਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਦੀਆਂ ਘਟਨਾਵਾਂ ਸੰਕੇਤ ਦਿੰਦੀਆਂ ਹਨ ਕਿ ਗੈਂਗਸਟਰ ਭਾਵੇਂ ਦਿੱਲੀ, ਪੰਜਾਬ ਜਾਂ ਗੁਜਰਾਤ ਦੀ ਕਿਸੇ ਵੀ ਜੇਲ੍ਹ ਵਿਚ ਰਹੇ, ਉਹ ਬਿਨਾਂ ਡਰ ਭੈਅ ਦੇ ਆਪਣਾ ਰਾਜ ਚਲਾਉਂਦਾ ਹੈ। ਇਸਨੂੰ ਤੁਰੰਤ ਰੋਕਣ ਦੀ ਜ਼ਰੂਰਤ ਹੈ ਤੇ ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵਿਚ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਵੇਰਵੇ ਸਾਂਝੇ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਰੰਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਜੋ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕੰਟਰੋਲ ਅਧੀਨ ਹੈ, ਵਿਚ ਬਹਿ ਕੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰਵਾਇਆ। ਉਹਨਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਵਿਚ ਅਤਿ ਆਧੁਨਿਕ ਹਥਿਆਰਾਂ ਦੀ ਵਰਤੋਂ ਹੋਈ ਜੋ ਸਿਰਫ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਹੀ ਮੰਗਵਾਏ ਗਏ ਹੋਣਗੇ।

Skip to content