ਰਾਜਸਥਾਨ ਸਰਕਾਰ ਅਰਮਾਨਜੋਤ ਦਾ ਪੇਪਰ ਮੁੜ੍ਹ ਦਿਵਾਉਣ ਲਈ ਵਿਸ਼ੇਸ਼ ਪ੍ਰਬੰਧ ਕਰੇ ਤੇ ਕਸੂਰਵਾਰਾਂ ਖਿਲਾਫ ਕਾਰਵਾਈ ਕਰੇ

ਅੰਮ੍ਰਿਤਸਰ 23 ਜੂਨ 2024 (ਫਤਿਹ ਪੰਜਾਬ) Shiromani Gurdwara Parbandhak Committee SGPC ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਾਜਸਥਾਨ ਵਿੱਚ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣਾ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਰਾਜਸਥਾਨ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਸਿੱਖ ਲੜਕੀ ਐਡਵੋਕੇਟ ਅਰਮਾਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਕਾਰ ਵਜੋਂ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ ਪਰ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ। 

ਧਾਮੀ ਨੇ ਦੋਸ਼ ਲਾਇਆ ਕਿ ਇਹ ਵਰਤਾਰੇ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਹੈ। ਸ਼੍ਰੋਮਣੀ ਕਮੇਟੀ ਗੁਰਸਿੱਖ ਲੜਕੀ ਦੇ ਨਾਲ ਹੈ। ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ।

ਸ਼੍ਰੋਮਣੀ ਕਮੇਟੀ ਦੇ ਪਧਾਨ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਅਤੇ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪ੍ਰੀਖਿਆ ਦੀ ਸਿੱਖ ਉਮੀਦਵਾਰ ਐਡਵੋਕੇਟ ਅਰਮਾਨਜੋਤ ਕੌਰ ਲਈ 23 ਜੂਨ 2024 ਨੂੰ ਹੋਇਆ ਪੇਪਰ ਮੁੜ੍ਹ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।

Skip to content