ਚੰਡੀਗੜ੍ਹ 15 ਜੂਨ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਨੁਸਾਸ਼ਨੀ ਕਮੇਟੀ ਵਿੱਚੋਂ ਛੁੱਟੀ ਕਰ ਦਿੱਤੀ ਹੈ। ਉੱਨਾਂ ਦੀ ਥਾਂ ਪਾਰਟੀ ਵੱਲੋਂ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਇਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਲੂਕਾ ਨੂੰ ਮੌੜ ਮੰਡੀ ਵਿਧਾਨ ਸਭਾ ਦੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਸੀ।
ਯਾਦ ਰਹੇ ਕਿ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਾਬਕਾ IAS ਅਤੇ ਪੁੱਤ ਗੁਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸੀ ਅਤੇ ਉਨ੍ਹਾਂ ਦੀ ਨੂੰਹ ਪਰਮਪਾਲ ਕੌਰ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਵੱਲੋਂ ਉਮੀਦਵਾਰ ਵੀ ਬਣਾਇਆ ਗਿਆ ਸੀ। ਇਸ ਕਰਕੇ ਹੁਣ ਚੋਣਾਂ ਤੋਂ ਬਾਅਦ ਮਲੂਕਾ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮਲੂਕਾ ਵੱਲੋਂ ਭਾਜਪਾ ਆਗੂਆਂ ਨਾਲ ਮੀਟਿੰਗ ਵੀ ਕੀਤੀ ਗਈ ਸੀ। ਹਾਲਾਂਕਿ ਮਲੂਕਾ ਵੱਲੋ ਬੀਜੇਪੀ ਜੁਆਇਨ ਕਰਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਮਲੂਕਾ ਨੇ ਪਿਛਲੇ ਕਾਫੀ ਸਮੇ ਤੋਂ ਸਿਆਸੀ ਚੁੱਪੀ ਧਾਰਨ ਕੀਤੀ ਹੋਈ ਹੈ। ਮਲੂਕਾ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਗਤੀਵਿਧੀਆਂ ‘ਚ ਵੀ ਨਜਰ ਨਹੀਂ ਆ ਰਹੇ।