ਚੰਡੀਗੜ੍ਹ 17 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਹਾਲੀਆ ਦਿੱਲੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਦਾਗੀ ਅਤੇ ਢਿੱਲੀ-ਕਾਰਗੁਜ਼ਾਰੀ ਵਾਲੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤਬਦੀਲ ਕਰਨ ਲਈ ਵੱਡੇ ਫੈਸਲੇ ਲਏ ਹਨ। ਅੱਜ ਹੀ ਪੰਜਾਬ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਨੂੰ ਵੀ ਬਦਲ ਦਿੱਤਾ ਗਿਆ ਹੈ।
ਪਤਾ ਲੱਗਾ ਹੈ ਕਿ ਕਥਿਤ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਮਹੱਤਵਪੂਰਨ ਕਾਰਵਾਈ ਕੀਤੀ ਹੈ। ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਵਿਭਾਗ ਨੂੰ ਇੱਕ ਪੁਰਾਣੇ ਕੇਸ ਦੀ ਜਾਂਚ ਮੁਕੰਮਲ ਕਰਨ ਅਤੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਬਾਰ ਬੁਲਾਰੇ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਤ੍ਰਿਪਾਠੀ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਕੁਝ ਗੰਭੀਰ ਸ਼ਿਕਾਇਤਾਂ ਮਿਲੀਆਂ ਹਨ ਜਿਸ ਤੋਂ ਬਾਅਦ ਇਸ ਆਈਏਐਸ ਅਧਿਕਾਰੀ ਖਿਲਾਫ਼ ਡੂੰਘਾਈ ਨਾਲ ਜਾਂਚ ਕੀਤੀ ਗਈ। ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇੱਕ ਆਈਏਐਸ ਅਧਿਕਾਰੀ ਵਿਰੁੱਧ ‘ਆਪ’ ਸਰਕਾਰ ਦੀ ਕਾਰਵਾਈ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਿਰੋਧੀ ਸਿਆਸੀ ਆਗੂ ਰਾਜ ਵਿੱਚ ਕਥਿਤ ਭ੍ਰਿਸ਼ਟਾਚਾਰ ਸਮੇਤ ਕਈ ਮੁੱਦਿਆਂ ‘ਤੇ ਮਾਨ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ।
ਬੁਲਾਰੇ ਨੇ ਕਿਹਾ ਕਿ “ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ” ਦੇ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਅਧਿਕਾਰੀਆਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ। ਇਹ ਤਾਜ਼ਾ ਫੈਸਲਾਕੁੰਨ ਕਾਰਵਾਈ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ।”