ਈ.ਡੀ. ਤੇ ਸੀ.ਬੀ.ਆਈ. ਵੱਲੋਂ ਅੰਤਿਮ ਚਾਰਜਸ਼ੀਟ ਦਾਇਰ ਕਰਨ ਪਿੱਛੋਂ ਹੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਜਾ ਸਕੇਗੀ
ਨਵੀਂ ਦਿੱਲੀ 4 ਜੂਨ 2024 (ਫਤਿਹ ਪੰਜਾਬ) ਸੁਪਰੀਮ ਕੋਰਟ ਨੇ ਅੱਜ Delhi Liquor Scam ਦਿੱਲੀ ਸ਼ਰਾਬ ਨੀਤੀ ‘ਘਪਲੇ’ ਦੇ ਸਬੰਧ ’ਚ central bureau of investigation ਸੀ.ਬੀ.ਆਈ. ਅਤੇ enforcement directorate ਈ.ਡੀ. ਵਲੋਂ ਦਰਜ ਮੁਕੱਦਮਿਆਂ ’ਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ।
ਪਰ ਸਰਵਉਚ ਅਦਾਲਤ ਨੇ ਕਿਹਾ ਕਿ ਸਿਸੋਦੀਆ ਕਥਿਤ ਭ੍ਰਿਸ਼ਟਾਚਾਰ ਕੇਸ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਮਨੀ ਲਾਂਡਰਿੰਗ ਕੇਸ ਬਾਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਅੰਤਿਮ ਮੁਕੱਦਮਾ ਸ਼ਿਕਾਇਤ ਅਤੇ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਹੀ ਜ਼ਮਾਨਤ ਲਈ ਆਪਣੀਆਂ ਪਟੀਸ਼ਨਾਂ ਨੂੰ ਮੁੜ ਦਾਖਲ ਕਰ ਸਕਦੇ ਹਨ।
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਈ.ਡੀ. ਅਤੇ ਸੀ.ਬੀ.ਆਈ. ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ’ਤੇ ਗੌਰ ਕਰਦਿਆਂ ਦੋਵਾਂ ਕੇਂਦਰੀ ਜਾਂਚ ਏਜੰਸੀਆਂ ਨੂੰ 3 ਜੁਲਾਈ ਤੱਕ ਅੰਤਿਮ ਸ਼ਿਕਾਇਤ ਅਤੇ ਚਾਰਜਸ਼ੀਟ ਦਾਇਰ ਕਰਨ ਲਈ ਕਿਹਾ ਹੈ।
ਸਿਸੋਦੀਆ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸਿਸੋਦੀਆ ਲਈ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਕਿ ਇਸ ਰਾਜਨੇਤਾ ਦੇ ਲਗਭਗ 15 ਮਹੀਨਿਆਂ ਤੋਂ ਹਿਰਾਸਤ ’ਚ ਹੋਣ ਦੇ ਬਾਵਜੂਦ ਇਨ੍ਹਾਂ ਮੁਕੱਦਮਿਆਂ ਦੀ ਸੁਣਵਾਈ ਅਜੇ ਤੱਕ ਅਦਾਲਤ ਵਿੱਚ ਸ਼ੁਰੂ ਨਹੀਂ ਹੋਈ ਅਤੇ ਨੇੜ ਭਵਿੱਖ ’ਚ ਵੀ ਮੁਕੱਦਮਾ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਜਾਂਚ ਅਜੇ ਵੀ ਜਾਰੀ ਹੈ।
ਯਾਦ ਰਹੇ ਕਿ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ 21 ਮਈ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਨੌਤੀ ਦਿਤੀ ਹੋਈ ਹੈ ਜਿਸ ’ਚ ਦੋਹਾਂ ਕੇਂਦਰੀ ਏਜੰਸੀਆਂ ਵਲੋਂ ਜਾਂਚ ਕੀਤੇ ਗਏ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿਤੀ ਗਈ ਸੀ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਇਹ ਕਹਿੰਦੇ ਹੋਏ ਖਾਰਜ ਕਰ ਦਿਤੀ ਸੀ ਕਿ ਇਹ ਮਾਮਲਾ ਉਨ੍ਹਾਂ ਵਲੋਂ ਸੱਤਾ ਦੀ ਦੁਰਵਰਤੋਂ ਅਤੇ ਲੋਕਾਂ ਦੇ ਭਰੋਸੇ ਦੀ ਉਲੰਘਣਾ ਨਾਲ ਜੁੜਿਆ ਹੋਇਆ ਹੈ।
ਸਿਸੋਦੀਆ ਨੂੰ ਸੀ.ਬੀ.ਆਈ. ਨੇ 26 ਫ਼ਰਵਰੀ, 2023 ਨੂੰ ਸ਼ਰਾਬ ਨੀਤੀ ਮਾਮਲੇ ’ਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਉਪਰੰਤ ਈ.ਡੀ. ਨੇ ਉਸ ਨੂੰ 9 ਮਾਰਚ, 2023 ਨੂੰ ਸੀ.ਬੀ.ਆਈ. ਦੀ ਐਫ.ਆਈ.ਆਰ. ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕਰ ਲਿਆ ਸੀ। ਯਾਦ ਰਹੇ ਕਿ ਸਿਸੋਦੀਆ ਨੇ ਇਸ ਕੇਸ ਵਿੱਚ ਗ੍ਰਿਫਤਾਰੀ ਤੋਂ ਬਾਅਦ 28 ਫ਼ਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿਤਾ ਸੀ।