ਪੰਜਾਬ ਸਰਕਾਰ ਵੱਲੋਂ ਵਜ਼ੀਫ਼ਾ ਸਕੀਮ ਹੇਠ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਜਾਰੀ
ਚੰਡੀਗੜ੍ਹ, 6 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਅਧੀਨ ਚਾਲੂ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਵਿੱਚ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਡਾ ਬਲਜੀਤ ਕੌਰ ਨੇ ਦੱਸਿਆ ਕਿ 2017 ਤੋਂ 2020 ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਜੋ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾਣੀ ਸੀ, ਨਾ ਤਾਂ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਅਤੇ ਨਾ ਹੀ ਉਸ ਸਮੇਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਦਾ ਕੀਤੀ ਗਈ। ਪਿੱਛਲੀਆਂ ਸਰਕਾਰਾਂ ਦੇ ਅਜਿਹੇ ਰਵਈਏ ਕਾਰਨ ਅਨੂਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸਬੰਧਤ ਕਾਲਜਾਂ ਵੱਲੋਂ ਡਿਗਰੀਆਂ ਰੋਕ ਦਿੱਤੀਆਂ ਗਈਆਂ ਜਿਸ ਕਾਰਨ ਇਹਨਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ।
ਮੰਤਰੀ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਕਾਲਰਸ਼ਿਪ ਸਕੀਮ ਅਧੀਨ ਆਪਣਾ ਬਣਦਾ ਬਕਾਇਆ ਹਿੱਸਾ ਜਲਦ ਤੋਂ ਜਲਦ ਜ਼ਾਰੀ ਕਰੇ ਤਾਂ ਜੋ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ।
ਉਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਪਿਛਲੇ ਸਾਲ 2023-24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਜਿਸ ਵਿੱਚੋਂ 1008 ਸੰਸਥਾਵਾਂ ਨੂੰ ਹੁਣ ਤੱਕ 283.62 ਕਰੋੜ ਰੁਪਏ ਦੀ ਰਾਸ਼ੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਸੰਸਥਾਵਾਂ ਨੂੰ ਵੀ ਜਲਦ ਹੀ ਇਹ ਬਕਾਇਆ ਅਦਾਇਗੀ ਕਰ ਦਿੱਤੀ ਜਾਵੇਗੀ।
ਮੰਤਰੀ ਨੇ ਦੱਸਿਆ ਕਿ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ, ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਵੀ ਇਸ ਸਮੇਂ ਦੀ ਬਕਾਇਆ ਅਦਾਇਗੀ ਲਈ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਰਾਸ਼ੀ ਵੰਡਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਾਲ 2023-24 ਦੇ ਵਿਦਿਆਰਥੀਆਂ ਲਈ 229.23 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਚਾਲੂ ਵਿੱਤੀ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
ਸਕਾਲਰਸ਼ਿਪ ਸਕੀਮ ਦੇ ਪੋਰਟਲ ਉਤੇ ਸਾਲ 2024-25 ਅਧੀਨ 2 ਲੱਖ 31 ਹਜ਼ਾਰ ਦੇ ਕਰੀਬ ਵਿਦਿਆਰਥੀ ਨਵੇਂ ਰਜਿਸਟਰਡ ਹੋਏ ਹਨ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਾਰੀ ਕੀਤੀ ਗਈ ਰਕਮ, ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਰੁਚੀ ਵਧਾਉਣ ਅਤੇ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰੇਗੀ।