ਚੰਡੀਗੜ੍ਹ, 10 ਦਸੰਬਰ 2024 (ਫਤਿਹ ਪੰਜਾਬ ਬਿਊਰੋ) – ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ ਅਤੇ ਕੇਂਦਰੀ ਮੰਤਰੀ ਨੇ ਇਹ ਰਾਸ਼ੀ ਪਹਿਲ ਦੇ ਆਧਾਰ ਉੱਤੇ ਜਾਰੀ ਕਰਾਉਣ ਦਾ ਵਿਸ਼ਵਾਸ ਵੀ ਦਿੱਤਾ ਹੈ।
ਜਲ ਜੀਵਨ ਮਿਸ਼ਨ ਸਕੀਮ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਵਿੱਚ ਬਾਕਮਾਲ ਪ੍ਰਗਤੀ ਕੀਤੀ ਹੈ ਅਤੇ ਫੀਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕੀਤੀ ਗਈ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਦ ਅਤੇ ਮਿਸ਼ਨ ਡਾਇਰੈਕਟਰ ਅਮਿਤ ਤਲਵਾੜ ਵੀ ਮੌਜੂਦ ਸਨ।
ਜਲ ਸਪਲਾਈ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਸਾਰੇ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮਾਡਲ ਪਲੱਸ ਦਰਜਾ ਹਾਸਲ ਕਰਨ ਦਾ ਟੀਚਾ ਹੈ।
ਇਸ ਦੌਰਾਨ ਕੇਂਦਰੀ ਮੰਤਰੀ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਪ੍ਰਾਪਤ ਕਰਨ ਲਈ ਪੰਜਾਬ ਦੀ ਮਹੱਤਵਪੂਰਨ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕਰਨ ਲਈ ਵੀ ਸ਼ਲਾਘਾ ਕੀਤੀ।
