ਅਪਰਾਧੀਆਂ ਤੇ ਪੁਲਿਸ ਦੇ ਗੱਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਕੀਤੀਆਂ ਬਦਲੀਆਂ

ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਚ 10000 ਹੋਰ ਭਰਤੀਆਂ ਦਾ ਐਲਾਨ

ਥਾਣਿਆਂ ਵਿੱਚ ਜਨਤਾ ਦੀ ਬੇਲੋੜੀ ਪ੍ਰੇਸ਼ਾਨੀ ਲਈ ਐਸ.ਐਸ.ਪੀਜ਼ ਹੋਣਗੇ ਜਵਾਬਦੇਹ 

ਚੰਡੀਗੜ੍ਹ, 18 ਜੂਨ 2024 (ਫਤਿਹ ਪੰਜਾਬ) ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।

ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਇਸ ਕਰਕੇ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁੱਲ ਵੀ ਨਸ਼ਾ ਪੈਦਾ ਨਹੀਂ ਹੁੰਦਾ, ਸਗੋਂ ਹੋਰ ਸੂਬਿਆਂ ਤੇ ਸਰਹੱਦ ਪਾਰੋਂ ਨਸ਼ਾ ਸਮਗਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਵੇਚਣ ਵਾਲਿਆਂ ਨੂੰ ਮਿਸਾਲੀ ਸਜ਼ਾ ਦਿਵਾਏਗੀ ਤਾਂ ਕਿ ਹੋਰ ਲੋਕਾਂ ਨੂੰ ਅਜਿਹੇ ਘਿਨਾਉਣੇ ਕਾਰਿਆਂ ਵਿੱਚ ਸ਼ਾਮਲ ਹੋਣੋਂ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਇਸ ਫੋਰਸ ਨੇ ਹੁਣ ਤੱਕ ਸੜਕ ਹਾਦਸਿਆਂ ਤੋਂ ਬਾਅਦ ਦੋ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਹਨ।

ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵੀ ਆਖਿਆ ਗਿਆ ਹੈ। ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਦੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਭਾਈਵਾਲ ਨਾ ਬਣਨ ਕਾਰਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਨਿਰਾਸ਼ਾ ਕਾਰਨ ਸਾਬਕਾ ਸੰਸਦ ਮੈਂਬਰ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਬੇਬੁਨਿਆਦ ਬਿਆਨ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਿਰਫ਼ ਆਪਣੇ ਨਿੱਜੀ ਸੁਆਰਥਾਂ ਦੀ ਚਿੰਤਾ ਹੈ। 

Skip to content