ਸੁਖਬੀਰ ਨੇ ਨਵੰਬਰ ਮਹੀਨੇ ਦਿੱਤਾ ਸੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ

ਚੰਡੀਗੜ੍ਹ, 2 ਜਨਵਰੀ 2025 (ਫਤਿਹ ਪੰਜਾਬ ਬਿਊਰੋ): Shiromani Akali Dal SAD ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਵਜੋਂ ਦਿੱਤੇ ਗਏ ਅਸਤੀਫੇ ਨੂੰ ਪ੍ਰਵਾਨ ਕਰਨ ਬਾਰੇ ਫੈਸਲਾ ਲੈਣ ਲਈ ਅਗਲੇ ਹਫਤੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਆਗੂਆਂ ਦੇ ਅਸਤੀਫ਼ੇ ਪ੍ਰਵਾਨ ਕਰਨ ਅਤੇ ਪਾਰਟੀ ਢਾਂਚਾ ਭੰਗ ਕਰਕੇ ਪੁਨਰਗਠਨ ਕਰਨ ਬਾਰੇ ਅਕਾਲੀ ਦਲ ਨੇ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈ ਕੇ ਰਿਪੋਰਟ ਤਿਆਰ ਕੀਤੀ ਹੈ ਅਤੇ ਉਸ ਬਾਰੇ ਵੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਪਿਛਲੇ ਸਾਲ ਨਵੰਬਰ ਵਿੱਚ ਪਾਰਟੀ ਦੀ ਵਾਗਡੋਰ ਸਭ ਤੋਂ ਸੀਨੀਅਰ ਅਤੇ ਸੀਨੀਅਰ ਅਕਾਲੀ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਸੌਂਪਦਿਆਂ ਅਸਤੀਫਾ ਦੇ ਦਿੱਤਾ ਸੀ।

ਇਸ ਉਪਰੰਤ 2 ਦਸੰਬਰ ਨੂੰ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅਕਾਲੀ-ਭਾਜਪਾ ਸਰਕਾਰ ਦੇ 2007-2012 ਅਤੇ 2012-2017 ਦੇ ਦੋ ਕਾਰਜਕਾਲਾਂ ਦੌਰਾਨ ਹੋਈਆਂ ਧਾਰਮਿਕ ਬੇਅਦਬੀਆਂ ਦੇ ਪ੍ਰਾਸਚਿਤ ਲਈ ਧਾਰਮਿਕ ਸਜ਼ਾ ਵਜੋਂ ਤਨਖਾਹ ਲਾਈ ਗਈ ਸੀ ਜੋ ਉਨ੍ਹਾਂ ਨੇ ਪੂਰੀ ਕਰ ਲਈ ਹੈ। ਨਾਲ ਹੀ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਤਿੰਨ ਦਿਨਾਂ ਦੇ ਅੰਦਰ ਅਕਾਲੀ ਆਗੂਆਂ ਦੇ ਅਸਤੀਫੇ ਪ੍ਰਵਾਨ ਕਰਨ ਲਈ ਕਿਹਾ ਸੀ ਪਰ ਹਾਲੇ ਤੱਕ ਇਸ ਮਾਮਲੇ ਵਿੱਚ ਕੁੱਝ ਵੀ ਨਹੀਂ ਹੋਇਆ। ਇਸ ਤੋਂ ਇਲਾਵਾ ਅਕਾਲ ਤਖਤ ਸਾਹਿਬ ਵੱਲੋਂ ਸਾਰੇ ਬਾਗ਼ੀ ਤੇ ਦਾਗ਼ੀ ਧੜਿਆਂ ਨੂੰ ਏਕਤਾ ਕਰਨ ਦਾ ਸੱਦਾ ਦਿੰਦਿਆਂ ਛੇ ਮਹੀਨਿਆਂ ਦੇ ਅੰਦਰ ਪਾਰਟੀ ਦਾ ਪੁਨਰਗਠਨ ਕਰਨ ਲਈ Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਸੱਤ ਮੈਂਬਰੀ ਕਮੇਟੀ ਵੀ ਬਣਾਈ ਸੀ ਜਿਸ ਦੀ ਹਾਲੇ ਤੱਕ ਕੋਈ ਮੀਟਿੰਗ ਨਹੀਂ ਹੋਈ। 

ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਾਰਟੀ ਦੇ ਪੁਨਰਗਠਨ ਲਈ ਜਲਦੀ ਹੀ ਕੋਰ ਕਮੇਟੀ ਦੀ ਮੀਟਿੰਗ ਇੱਕ ਹਫ਼ਤੇ ਵਿੱਚ ਬੁਲਾਈ ਜਾ ਰਹੀ ਹੈ। ਇਹ ਵੀ ਚਰਚਾ ਹੈ ਕਿ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਪਾਰਟੀ ਦਾ ਪੁਨਰਗਠਨ ਕਰਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਜਿਸ ਪਿੱਛੋਂ ਪਾਰਟੀ ਪ੍ਰਧਾਨ ਦੀ ਮੁੜ ਚੋਣ ਹੋਵੇਗੀ।

ਅਕਾਲੀ ਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹੁਕਮਾਂ ਮੁਤਾਬਿਕ ਪਾਰਟੀ ਦਾ ਪੁਨਰਗਠਨ ਕਰਨ ਦਾ ਇੱਛੁਕ ਨਹੀਂ ਹੈ, ਕਿਉਂਕਿ ਕਾਨੂੰਨੀ ਮਾਹਿਰਾਂ ਤੋਂ ਲਈ ਗਈ ਰਾਏ ਅਨੁਸਾਰ ਪਾਰਟੀ ਨੂੰ ਇਹ ਡਰ ਹੈ ਕਿ ਇਹ ਲੋਕ ਪ੍ਰਤੀਨਿਧਤਾ ਕਾਨੂੰਨ ਦੀਆਂ ਧਾਰਾਵਾਂ ਦੀ ਉਲੰਘਣਾ ਹੋਵੇਗੀ ਜਿਸ ਕਰਕੇ ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਪਾਰਟੀ ਦੀ ਮਾਨਤਾ ਰੱਦ ਹੋ ਸਕਦੀ ਹੈ। ਪਿਛਲੇ ਦਿਨੀ ਅਕਾਲੀ ਦਲ ਨੇ ਇਸ ਬਾਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ਬਾਰੇ ਜਾਣੂ ਕਰਵਾ ਦਿੱਤਾ ਹੈ।

error: Content is protected !!
Skip to content