ਜਿਲਿਆਂ ਚ ਕਾਇਮ ਹੋਣਗੇ ਮੁੱਖ ਮੰਤਰੀ ਸਹਾਇਤਾ ਕੇਂਦਰ
ਚੰਡੀਗੜ੍ਹ, 17 ਜੂਨ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਜਵਾਬਦੇਹ ਪ੍ਰਸ਼ਾਸ਼ਨ ਬਣਾਉਣ ਲਈ ਸਾਫ ਸ਼ਬਦਾਂ ਵਿੱਚ ਕਿਹਾ ਕਿ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਖਿਆਈ ਅਤੇ ਪ੍ਰੇਸ਼ਾਨੀ ਲਈ ਸਾਰੇ ਡਿਪਟੀ ਕਮਿਸ਼ਨਰ ਖੁਦ ਸਿੱਧੇ ਜ਼ਿੰਮੇਵਾਰ ਹੋਣਗੇ।
ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਡਿਪਟੀ ਕਮਿਸ਼ਨਰ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਉਣ। ਇਸ ਕਰਕੇ ਡਿਪਟੀ ਕਮਿਸ਼ਨਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਵੇ ਕਿ ਉਸ ਦੇ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਔਖਿਆਈ ਨਾ ਝੱਲਣੀ ਪਵੇ। ਮੁੱਖ ਮੰਤਰੀ ਨੇ ਸਿੱਧੇ ਲਫ਼ਜ਼ਾਂ ਵਿੱਚ ਕਿਹਾ ਕਿ ਇਸ ਕੰਮ ਵਿੱਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀ ਕਿਸੇ ਵੀ ਅਣਗਹਿਲੀ ਲਈ ਸਬੰਧਤ ਡਿਪਟੀ ਕਮਿਸ਼ਨਰ ਜਵਾਬਦੇਹ ਹੋਵੇਗਾ।
ਹਰੇਕ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਤ ਹੋਣਗੇ
ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਤ ਕੀਤਾ ਜਾਵੇਗਾ ਤਾਂ ਜੋ ਲੋਕ ਇੱਥੋਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਅਜਿਹੇ ਕੇਂਦਰ ‘ਤੇ ਇਕ ਅਧਿਕਾਰੀ ਪੱਕਾ ਹਾਜ਼ਰ ਰਹੇਗਾ ਜੋ ਲੋਕਾਂ ਦੀਆਂ ਦਰਖਾਸਤਾਂ ਲੈ ਕੇ ਜ਼ਿਲੇ ਦੇ ਸਬੰਧਤ ਵਿਭਾਗਾਂ ਨੂੰ ਨਿਪਟਾਰੇ ਲਈ ਭੇਜੇਗਾ। ਰਾਜ ਸਰਕਾਰ ਨਾਲ ਸਬੰਧਤ ਕੰਮਾਂ ਨੂੰ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ ਜਿਨ੍ਹਾਂ ਦੇ ਨਿਪਟਾਰੇ ਲਈ ਇਹ ਦਰਖਾਸਤਾਂ ਨੂੰ ਸੰਬੰਧਿਤ ਵਿਭਾਗਾਂ ਕੋਲ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ‘ਚੀਫ ਮਨਿਸਟਰ ਡੈਸ਼ਬੋਰਡ’ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਲਗਾਤਾਰ ਨਿਗਰਾਨੀ ਕਰਨਗੇ ਤਾਂ ਜੋ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਨਿਕ ਕੰਮਕਾਜ ਲਈ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੀ ਨਵੀਨਤਮ ਤਕਨੀਕ ਨੂੰ ਅਪਣਾਏਗੀ ਤਾਂ ਜੋ ਸਰਕਾਰੀ ਅਧਿਕਾਰੀਆਂ ਦਾ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਹੋਣ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਾ ਨਿਸ਼ਚਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਧਾਇਕਾਂ ਅਤੇ ਹੋਰ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਵਧਾਇਆ ਜਾਵੇਗਾ ਤਾਂ ਜੋ ਉਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ ਨਾਲ ਤਾਲਮੇਲ ਕਰਕੇ ਲੋਕਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹ ਸਕਣ।
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਮੁੜ ਚਾਲੂ ਹੋਵੇਗਾ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਰਾਹੀਂ ਵੱਖ-ਵੱਖ ਪਿੰਡਾਂ ਦਾ ਇੱਕ ਕਲੱਸਟਰ ਬਣਾਇਆ ਜਾਵੇ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਸਥਾਨਕ ਵਿਧਾਇਕ ਅਤੇ ਲੋਕ ਨੁਮਾਇੰਦਿਆਂ ਨਾਲ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉਤੇ ਹੀ ਨਿਪਟਾਰਾ ਕਰਨ ਤਾਂ ਜੋ ਲੋਕਾਂ ਨੂੰ ਕੰਮਾਂ ਲਈ ਇਧਰ-ਉਧਰ ਭਟਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਫ਼ਤਰਾਂ ਵਿੱਚ ਪੁੱਛਗਿੱਛ ਅਤੇ ਜਾਂਚ ਕੇਂਦਰਾਂ ਦੇ ਰੂਪ ਵਿੱਚ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਉਸ ਦਫ਼ਤਰ ਦਾ ਤੁਰੰਤ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਕੰਮ ਕਿੱਥੋਂ ਹੋਣਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਸਖ਼ਤ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਜੀਵਨ ਸੁਰੱਖਿਅਤ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਨਸੂਨ ਦੇ ਅਗਾਮੀ ਸੀਜ਼ਨ ਵਿੱਚ ਹੜ੍ਹਾਂ ਦੀ ਰੋਕਥਾਮ ਦੀ ਤਿਆਰੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਉਹ ਖੁਦ ਦੌਰੇ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਹਰੇਕ ਖੇਤਰ ਲਈ ਬਿਜਲੀ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਵਾਧੂ ਬਿਜਲੀ ਹੈ ਅਤੇ ਚੱਲ ਰਹੇ ਪੀਕ ਸੀਜ਼ਨ ਦੇ ਬਾਵਜੂਦ ਕਿਸੇ ਵੀ ਸੈਕਟਰ ਵਿੱਚ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ।
ਨੀਟ ਦੇ ਪ੍ਰਸ਼ਨ ਪੱਤਰ ਲੀਕ ਹੋਣਾ ਨਿੰਦਣਯੋਗ
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਪ੍ਰੀਖਿਆ ਨੀਟ ਦੇ ਪ੍ਰਸ਼ਨ ਪੱਤਰ ਲੀਕ ਹੋਣ ਨਾਲ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਗਿਆ ਹੈ ਜਿਨ੍ਹਾਂ ਨੇ ਇਸ ਪ੍ਰੀਖਿਆ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਨੀਟ ਪ੍ਰੀਖਿਆ ਦੇ ਕਿਸੇ ਵੀ ਤਰ੍ਹਾਂ ਦੇ ਲੀਕ ਹੋਣ ਤੋਂ ਇਨਕਾਰ ਕੀਤਾ ਸੀ ਪਰ ਇਹ ਬਹੁਤ ਮੰਦਭਾਗਾ ਹੈ ਕਿ ਇਸ ਘਟਨਾ ਨੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਅਤੇ ਅਜਿਹੇ ਅਮਲਾਂ ਨੂੰ ਸਖ਼ਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ।