Skip to content

ਚੰਡੀਗੜ੍ਹ 15 ਮਈ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਾਰਟੀ ਵਿਰੁੱਧ ਗਤੀਵਿਧੀਆਂ ਦੇ ਕਾਰਨ ਰਵੀਕਰਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਵੀ ਖਾਰਜ ਕਰ ਦਿੱਤਾ ਹੈ।

ਯਾਦ ਰਹੇ ਕਿ ਕਾਹਲੋਂ‌ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਡੇਰਾ ਬਾਬਾ ਨਾਨਕ ਹਲਕੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੇ ਖਿਲਾਫ ਚੋਣ ਲੜੀ ਗਈ ਸੀ। ਉਹ ਉੱਘੇ ਅਕਾਲੀ ਅਤੇ ਸ਼੍ਰੋਮਣੀ ਅਕਾਲੀ ਦਲ -ਭਾਜਪਾ ਗਠਜੋੜ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸਵਰਗੀ ਨਿਰਮਲਜੀਤ ਸਿੰਘ ਕਾਹਲੋਂ ਦੇ ਪੁੱਤਰ ਹਨ। 

ਉਹਨਾਂ ਵੱਲੋਂ ਬੀਤੇ ਦਿਨ ਪਾਰਟੀ ਤੋਂ ਕੱਢੇ ਗਏ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਰੈਲੀ ਵਿੱਚ ‌‌ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਆਗੂਆਂ ਵੱਲੋਂ ਸ਼ਿਰਕਤ ਕਰਨ ਤੇ ਸਵਾਲ ਚੁੱਕੇ ਗਏ ਸਨ ਅਤੇ ‌ ਪਾਰਟੀ ਨੂੰ ਇਹਨਾਂ ਆਗੂਆਂ ਕੋਲੋਂ ਜਵਾਬਤਲਬੀ ਕਰਨ ਦੀ ਗੱਲ ਜਨਤਕ ਤੌਰ ਤੇ ਆਖੀ ਸੀ। ਹਾਲਾਂਕਿ ਉਹਨਾਂ ਨੇ ਇਹ ਵੀ ਕਿਹਾ ਸੀ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ‌ਪਾਰਟੀ ਦੇ ਉਮੀਦਵਾਰ ਡਾਕਟਰ ਦਲਜੀਤ ਚੀਮਾ ਦੇ ਹੱਕ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। 

ਕਾਹਲੋਂ ਦੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਅਫਵਾਹਾਂ ਪਿਛਲੇ ਕਈ ਦਿਨਾਂ ਤੋਂ ਉੱਠ ਰਹੀਆਂ ਸਨ ਪਰ ਬੀਤੇ ਦਿਨ ਉਹਨਾਂ ਨੇ ਇਹਨਾਂ ਅਫਵਾਹਾਂ ਦੀ ਵੀ ਨਿਖੇਧੀ ਵੀ ਕੀਤੀ ਸੀ।

ਹੁਣ ਰਵੀਕਰਨ ਕਾਹਲੋਂ ਦਾ ਨਵਾਂ ਰੁੱਖ ਕੀ ਹੋਵੇਗਾ ਇਹ ਆਉਣ ਵਾਲੇ ਕੁੱਝ ਦਿਨਾਂ ਵਿੱਚ ਹੀ ਪਤਾ ਲੱਗੇਗਾ। ਜਾਹਰ ਤੌਰ ਤੇ ਜੇ ਉਹ ਕਿਸੇ ਹੋਰ ਪਾਰਟੀ ਵਿੱਚ ਸ਼ਾਮਿਲ ਹੋਣ ਜਾਂ ਕਿਸੇ ਹੋਰ ਉਮੀਦਵਾਰ ਦੀ ਮੱਦਦ ਕਰਨ ਦਾ ਐਲਾਨ ਕਰਦੇ ਹਨ ਤਾਂ ਇਸ ਨਾਲ ਡੇਰਾ ਬਾਬਾ ਨਾਨਕ ਹਲਕੇ ਦੇ ਚੋਣ ਸਮੀਕਰਨ ਕਾਫੀ ਹੱਦ ਤੱਕ ਬਦਲ ਸਕਦੇ ਹਨ।

error: Content is protected !!