ਦਰਬਾਰ ਸਾਹਿਬ ਚ ਪਾਠ ਦਾ ਭੋਗ ਪਾਉਣ ਤੇ ਅਰਦਾਸ ਕਰਨ ਦਾ ਫ਼ੈਸਲਾ
ਚੰਡੀਗੜ੍ਹ, 4 ਜਨਵਰੀ (ਫਤਿਹ ਪੰਜਾਬ ਬਿਊਰੋ) Shiromani Akali Dal SAD ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਅੰਤਿਮ ਅਰਦਾਸ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਨੇ ਐਕਸ ’ਤੇ ਕੀਤਾ ਹੈ।
ਸੁਖਬੀਰ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਲਈ ਸਾਬਕਾ ਪ੍ਰਧਾਨ ਮੰਤਰੀ ਦੁਆਰਾ ਨਿਭਾਈਆਂ ਬੇਮਿਸਾਲ ਸੇਵਾਵਾਂ ਅਤੇ ਵਿਸ਼ਵ ਭਰ ਵਿੱਚ ਉੱਨਾਂ ਸਿੱਖ ਕੌਮ ਨੂੰ ਜੋ ਮਾਣ ਦਿਵਾਇਆ ਉਸ ਦੀ ਕਦਰ ਕਰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਡਾਕਟਰ ਸਾਹਿਬ (ਮਨਮੋਹਨ ਸਿੰਘ) ਅਤੇ ਮੇਰੇ ਪਿਤਾ ਪ੍ਰਕਾਸ਼ ਸਿੰਘ ਬਾਦਲ ਜੀ ਦਾ ਇੱਕ ਖਾਸ ਭਾਵਨਾਤਮਕ ਨਾਤਾ ਸੀ ਅਤੇ ਦੋਵਾਂ ਸ਼ਖਸੀਅਤਾਂ ਦੀ ਸ਼ਾਂਤੀ, ਕੌਮੀ ਸਾਂਝ ਅਤੇ ਵਿਕਾਸ ਲਈ ਇੱਕ ਸਾਂਝੀ ਦ੍ਰਿਸ਼ਟੀ ਸੀ।
ਅਕਾਲੀ ਦਲ ਦੇ ਆਗੂ ਮੁਤਾਬਿਕ ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਦੀ ਪਤਨੀ ਅਤੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਨਮੋਹਨ ਸਿੰਘ ਜੀ ਦੀ ਪਤਨੀ ਗੁਰਸ਼ਰਨ ਕੌਰ ਨੂੰ ਅਕਾਲੀ ਦਲ ਦੀ ਇਸ ਵਿਨਮ੍ਰ ਇੱਛਾ ਅਤੇ ਫੈਸਲੇ ਬਾਰੇ ਨਿੱਜੀ ਤੌਰ ’ਤੇ ਜਾਣਕਾਰੀ ਦਿੱਤੀ ਸੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਪਾਠ ਦੇ ਭੋਗ ਅਤੇ ਅਰਦਾਸ ਸਬੰਧੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਨੂੰ ਦਰਬਾਰ ਸਾਹਿਬ ਸਥਿਤ ਸਿੱਖ ਮਿਊਜ਼ੀਅਮ ਵਿੱਚ ਮਨਮੋਹਨ ਸਿੰਘ ਜੀ ਦਾ ਪੋਰਟਰੇਟ ਲਗਾਉਣ ਦੀ ਅਪੀਲ ਕਰੇਗਾ।