ਚੰਡੀਗੜ੍ਹ 1 ਮਾਰਚ 2025 (ਫਤਿਹ ਪੰਜਾਬ ਬਿਊਰੋ) ਸੰਯੁਕਤ ਕਿਸਾਨ ਮੋਰਚਾ (SKM) ਨੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਧਰ ਧਰਨੇ ਸਬੰਧੀ ਗੱਲਬਾਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਵੱਡੀਆਂ ਕਿਸਾਨ ਜੱਥੇਬੰਦੀਆਂ ਨੂੰ 3 ਮਾਰਚ ਨੂੰ ਸ਼ਾਮ ਚਾਰ ਵਜੇ ਪੰਜਾਬ ਭਵਨ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਹੈ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ 4 ਮਾਰਚ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ ਅਤੇ 5 ਮਾਰਚ ਤੋਂ ਉੱਥੇ ਧਰਨਾ ਸ਼ੁਰੂ ਕੀਤਾ ਜਾਵੇਗਾ ਜੋ ਇੱਕ ਹਫ਼ਤੇ ਤੱਕ ਜਾਰੀ ਰਹੇਗਾ। ਉਸ ਤੋਂ ਬਾਅਦ ਕਿਸਾਨ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨਗੇ।
ਇਸ ਮੀਟਿੰਗ ਵਿੱਚ ਕਿਸਾਨਾਂ ਨੇ ਰੋਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਜਲ ਖੋਜ ਕਾਨੂੰਨ ਰਾਹੀਂ ਰਾਜ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਕੰਟਰੋਲ ਕੇਂਦਰ ਸਰਕਾਰ ਨੂੰ ਸੌਂਪਣ ਦੀ ਸਾਜ਼ਿਸ਼ ਹੈ ਜਿਸ ਨਾਲ ਸੂਬੇ ਦੇ ਅਧਿਕਾਰ ਕਮਜ਼ੋਰ ਹੋ ਜਾਣਗੇ। ਕਿਸਾਨਾਂ ਨੇ ਇਸ ਕਾਨੂੰਨ ਨੂੰ ਪੰਜਾਬ ਦੀ ਪ੍ਰਭੂਸੱਤਾ ‘ਤੇ ਹਮਲਾ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਨੂੰ ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਇਸ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਤੋਂ ਲੈ ਕੇ ਪਾਠਕ੍ਰਮ ਨਿਰਧਾਰਨ ਤੱਕ ਦੀਆਂ ਸਾਰੀਆਂ ਸ਼ਕਤੀਆਂ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਸੌਂਪਦੀ ਹੈ। ਇਹ ਨੀਤੀ ਰਾਜਾਂ ਦੀ ਖੁਦਮੁਖਤਿਆਰੀ ਅਤੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ਦੇ ਵਿਰੁੱਧ ਹੈ।
