ਚੰਡੀਗੜ੍ਹ, 15 ਫਰਵਰੀ 2026 (ਫਤਿਹ ਪੰਜਾਬ ਬਿਊਰੋ) ਤਰਨਤਾਰਨ, ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਅਤੇ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ Municipal Councils ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਐਤਵਾਰ ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਹੀ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਰਾਜ ਚੋਣ ਕਮਿਸ਼ਨਰ ਪੰਜਾਬ ਸ੍ਰੀ ਰਾਜ ਕਮਲ ਚੌਧਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17 ਫਰਵਰੀ ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17 ਫਰਵਰੀ ਤੋਂ 20 ਫਰਵਰੀ (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦਾਨਾ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
