ਚੰਡੀਗੜ੍ਹ, 28 ਮਈ 2024 (ਫਤਿਹ ਪੰਜਾਬ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੀਬੀਆਈ ਅਦਾਲਤ ਦੇ ਉਮਰ ਕੈਦ ਦੇ ਹੁਕਮਾਂ ਨੂੰ ਰੱਦ ਕਰਦਿਆਂ ਡੇਰਾ ਸੱਚਾ ਸੌਦਾ ਮੁਖੀ Dera Sirsa chief Ram Rahim ਗੁਰਮੀਤ ਰਾਮ ਰਹੀਮ ਨੂੰ ਸਾਲ 2002 ਵਿੱਚ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਹੋਏ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਹਾਈ ਕੋਰਟ ਵੱਲੋਂ ਇਸ ਕੇਸ ਵਿੱਚ ਰਾਮ ਰਹੀਮ ਸਮੇਤ ਪੰਜ ਹੋਰ ਮੁਲਜ਼ਮ ਵੀ ਬਰੀ ਕੀਤੇ ਗਏ ਹਨ ਕਿਉਂਕਿ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ, ਅਵਤਾਰ ਸਿੰਘ, ਜਸਬੀਰ ਸਿੰਘ, ਸਬਦਿਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਦੋਸ਼ੀ ਠਹਿਰਾਇਆ ਸੀ।

ਡੇਰਾ ਮੁਖੀ ਦੇ ਵਕੀਲ ਜਿਤੇਂਦਰ ਖੁਰਾਣਾ ਅਤੇ ਗੌਤਮ ਦੱਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਸਟਿਸ ਸੁਰੇਸ਼ਵਰ ਠਾਕੁਰ ਅਤੇ ਲਲਿਤ ਬੱਤਰਾ ਦੀ ਬੈਂਚ ਨੇ ਖੁੱਲ੍ਹੀ ਅਦਾਲਤ ‘ਚ ਇਹ ਫੈਸਲਾ ਸੁਣਾਇਆ ਹੈ। ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਰੋਹਤਕ ਜੇਲ੍ਹ ਤੋਂ ਬਾਹਰ ਨਹੀਂ ਆਵੇਗਾ ਕਿਉਂਕਿ ਉਹ ਬਲਾਤਕਾਰ ਦੇ ਦੋ ਕੇਸਾਂ ਅਤੇ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਵਿੱਚ ਦੋਸ਼ੀ ਹੋਣ ਕਰਕੇ ਸਜ਼ਾ ਕੱਟ ਰਿਹਾ ਹੈ।

ਯਾਦ ਰਹੇ ਕਿ ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ। 22 ਸਾਲ ਪਹਿਲਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਅਤੇ ਪੰਜ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਜਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਸਾਲ 2021 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਇਸ ਮੁਕੱਦਮੇ  ਵਿੱਚ ਉਸ ਨੂੰ 31 ਲੱਖ ਰੁਪਏ ਦਾ ਜੁਰਮਾਨਾ ਭਰਨ ਲਈ ਕਿਹਾ ਸੀ। ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਮੁਖੀ ਨੇ ਹਾਈ ਕੋਰਟ ਵਿੱਚ ਇਸ ਫੈਸਲੇ ਖਿਲਾਫ ਅਪੀਲ ਕੀਤੀ ਸੀ।

ਡੇਰਾ ਮੈਨੇਜਰ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੇਸ ਦੇ ਹਵਾਲੇ ਮੁਤਾਬਿਕ ਰਾਮ ਰਹੀਮ ਨੇ ਔਰਤਾਂ ਦਾ ਕਥਿਤ ਜਿਨਸੀ ਸ਼ੋਸ਼ਣ ਕਿਵੇਂ ਕੀਤਾ ਸੀ, ਇਸ ਬਾਰੇ ਇੱਕ ਗੁਮਨਾਮ ਪੱਤਰ ਜਨਤਕ ਹੋਣ ਵਿੱਚ ਉਸ ਉੱਪਰ ਸ਼ੱਕੀ ਵਜੋਂ ਰਣਜੀਤ ਸਿੰਘ ਦਾ ਭੇਦ ਭਰੇ ਢੰਗ ਨਾਲ ਕਤਲ ਹੋ ਗਿਆ ਸੀ। ਸੀਬੀਆਈ ਦੀ ਚਾਰਜਸ਼ੀਟ ਮੁਤਾਬਕ ਰਾਮ ਰਹੀਮ ਨੇ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।

ਇਹ ਉਹੀ ਗੁੰਮਨਾਮ ਪੱਤਰ ਸੀ ਜਿਸ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਨੇ ਆਪਣੇ ਅਖਬਾਰ ਵਿੱਚ ਛਾਪਿਆ ਸੀ। ਬਾਅਦ ਵਿੱਚ ਛਤਰਪਤੀ ਨੂੰ ਵੀ ਮਾਰ ਦਿੱਤਾ ਗਿਆ।

ਚਰਚਿਤ ਡੇਰਾ ਮੁਖੀ ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ ਜੋ ਕਿ ਆਪਣੀਆਂ ਦੋ ਸਾਧਵੀਆਂ ਨਾਲ ਕਥਿਤ ਬਲਾਤਕਾਰ ਕਰਨ ਦੇ ਮੁਕੱਦਮੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।

Skip to content