ਚੰਡੀਗੜ੍ਹ: 14 ਮਈ 2024 (ਫਤਿਹ ਪੰਜਾਬ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਤਰਜ਼ ‘ਤੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਧਰਮਸੋਤ ਨੂੰ 6 ਜੂਨ ਨੂੰ ਦੁਪਹਿਰ 12 ਵਜੇ ਤੱਕ ਆਤਮ ਸਮਰਪਣ ਕਰਨ ਦੇ ਹੁਕਮ ਵੀ ਦਿੱਤੇ ਹਨ।
ਜ਼ਮਾਨਤ ਲਈ ਦਾਖਲ ਸਾਬਕਾ ਮੰਤਰੀ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੰਦਿਆਂ ਹੁਕਮਾਂ ‘ਚ ਕਿਹਾ ਹੈ ਕਿ ਧਰਮਸੋਤ ਨੂੰ 50,000 ਹਜ਼ਾਰ ਰੁਪਏ ਦਾ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣਾ ਹੋਵੇਗਾ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਗਈ ਹੈ।
ਯਾਦ ਰਹੇ ਕਿ ਧਰਮਸੋਤ ਉੱਪਰ ਵਿਜੀਲੈਂਸ ਬਿਊਰੋ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੋਇਆ ਹੈ ਤੇ ਉਹ ਜੇਲ ਵਿੱਚ ਬੰਦ ਹਨ।