Skip to content

ਚੰਡੀਗੜ੍ਹ 15 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨਰ ਨੂੰ ਸ਼ੁੱਕਰਵਾਰ (17 ਜਨਵਰੀ ਤੱਕ ਦੀ ਮੁਹਲਤ ਦਿੰਦੇ ਹੋਏ ਕਿਹਾ ਕਿ ਜੇਕਰ ਉਦੋਂ ਤੱਕ ਚੋਣਾਂ ਦੀ ਤਰੀਕ ਨਹੀਂ ਦੱਸੀ ਗਈ ਤਾਂ ਚੋਣ ਕਮਿਸ਼ਨਰ ਨੂੰ ਹਾਜ਼ਰ ਹੋਣਾ ਪਾਵੇਗਾ।

ਐਡਵੋਕੇਟ ਭੀਸ਼ਮ ਕਿੰਗਰ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਰਨਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀਆਂ ਚੋਣਾਂ ਪੰਜਾਬ ਸਰਕਾਰ ਨੇ ਨਹੀਂ ਕਰਵਾਈਆਂ ਹਨ। ਸੁਣਵਾਈ ਦੇ ਦੌਰਾਨ ਰਾਜ ਚੋਣ ਕਮਿਸ਼ਨ ਨੇ ਜਵਾਬ ਦੇਣ ਲਈ ਸਮੇਂ ਦੀ ਮੰਗ ਕੀਤੀ ਪਰ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਝਾੜਾਂ ਪਾਉਂਦੇ ਹੋਏ ਕਿਹਾ ਕਿ ਤੁਸੀਂ ਲੋਕਤੰਤਰ ਦਾ ਮਜ਼ਾਕ ਬਣਾਇਆ ਹੋਇਆ ਹੈ। ਇਨ੍ਹਾਂ ਤਿੰਨ ਕੌਂਸਲਾਂ ਵਿਚੋਂ ਦੋ ਦੀਆਂ ਚੋਣਾਂ ਤਾਂ ਸਾਲ 2020 ਤੋਂ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ ਪਰ ਇਹ ਚੋਣਾਂ ਚਾਰ ਸਾਲ ਤੋਂ ਨਹੀਂ ਕਰਵਾਈਆਂ ਗਈਆਂ ਅਤੇ ਹੁਣ ਵੀ ਸਮਾਂ ਮੰਗਿਆ ਜਾ ਰਿਹਾ ਹੈ।


ਇਸ ਮੌਕੇ ਹਾਈ ਕੋਰਟ ਨੇ ਕਿਹਾ ਕਿ ਹੁਣ ਸਮਾਂ ਬਹੁਤ ਹੋ ਚੁੱਕਾ ਹੈ ਅਤੇ ਹੁਣ ਹੋਰ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ। ਲਿਹਾਜ਼ਾ ਹਾਈ ਕੋਰਟ ਨੇ ਹੁਣ ਰਾਜ ਚੋਣ ਕਮਿਸ਼ਨਰ ਨੂੰ ਸ਼ੁੱਕਰਵਾਰ ਤੱਕ ਦਾ ਸਮਾਂ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਉਹ ਸ਼ੁੱਕਰਵਾਰ ਤੱਕ ਦੱਸੇ ਕਿ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ ਕਦੋਂ ਹੋਣਗੀਆਂ ਜਾਂ ਉਨ੍ਹਾਂ ਨੂੰ ਖ਼ੁਦ ਪੇਸ਼ ਹੋ ਕੇ ਇਸ ਦਾ ਜਵਾਬ ਦੇਣਾ ਹੋਵੇਗਾ।

error: Content is protected !!