26 ਜੂਨ ਨੂੰ ਹੋਵੇਗੀ ਕੁੱਲ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸਥਿਤੀ ਸਾਫ

ਜਲੰਧਰ, 21 ਜੂਨ 2024 (ਫਤਿਹ ਪੰਜਾਬ) ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਾਸਤੇ ਕੁੱਲ 23 ਉਮੀਦਵਾਰਾਂ ਵੱਲੋਂ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਅੱਜ ਆਖ਼ਰੀ ਦਿਨ 14 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਗਏ, ਜਿਨ੍ਹਾਂ ਵਿੱਚੋਂ 4 ਉਮੀਦਵਾਰਾਂ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਬੀਤੇ ਕੱਲ੍ਹ ਤੱਕ 9 ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ, ਕਾਂਗਰਸ ਪਾਰਟੀ ਦੀ ਉਮੀਦਵਾਰ  ਸੁਰਿੰਦਰ ਕੌਰ ਅਤੇ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲਵਿੰਦਰ ਕੁਮਾਰ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ, ਦੀਪਕ ਭਗਤ, ਮਹਿੰਦਰਪਾਲ ਵਲੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਹਨ। 

ਇਸ ਤੋਂ ਇਲਾਵਾ ਅਤੁਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਕਰਨ ਸੁਮਨ ਕਵਰਿੰਗ ਕਾਂਗਰਸ ਪਾਰਟੀ, ਪਰਮਜੀਤ ਮੱਲ੍ਹ ਬਹੁਜਨ ਸਮਾਜ ਪਾਰਟੀ ਕਵਰਿੰਗ ਉਮੀਦਵਾਰ, ਅੰਜੂ ਅਗਰਵਾਲ ਕਵਰਿੰਗ ਉਮੀਦਵਾਰ ਭਾਰਤੀ ਜਨਤਾ ਪਾਰਟੀ ਨੇ ਕਾਗਜ ਦਾਖਲ ਕੀਤੇ । 

ਉਨ੍ਹਾਂ ਦੱਸਿਆ ਕਿ ਹੁਣ ਤੱਕ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਤੇ 26 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਿਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

Skip to content