AAP MLA Jaswant Singh Case : ਚੰਡੀਗੜ੍ਹ 28 ਮਈ 2024 (ਫਤਿਹ ਪੰਜਾਬ) ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਨਿਰਧਾਰਤ ਕਾਨੂੰਨ ਤਹਿਤ ਕੀਤੀ ਗਈ ਦੱਸਦਿਆਂ ਵਿਧਾਇਕ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਦੱਸ ਦੇਈਏ ਕਿ ਵਿਧਾਇਕ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ 2023 ਨੂੰ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਤੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ।
ਸੂਤਰਾਂ ਅਨੁਸਾਰ ਈਡੀ ਨੇ ਇਸ ਤੋਂ ਪਹਿਲਾਂ ਗੱਜਣਮਾਜਰਾ ਨੂੰ ਸਿਰਫ਼ ਪੁੱਛਗਿੱਛ ਲਈ ਬੁਲਾਇਆ ਸੀ ਪਰ ਬਾਦ ਵਿੱਚ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ ਸੀ। ਉਪਰੰਤ ਵਿਧਾਇਕ ਜਸਵੰਤ ਸਿੰਘ ਨੇ ਆਪਣੀ ਗ੍ਰਿਫਤਾਰੀ ਅਤੇ ਉਸ ਤੋਂ ਬਾਅਦ ਜਾਰੀ ਰਿਮਾਂਡ ਦੇ ਹੁਕਮਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਵਿਧਾਇਕ ਦੀ ਗ੍ਰਿਫਤਾਰੀ ਵਿੱਚ ਕਿਸੇ ਵੀ ਵਿਵਸਥਾ ਦੀ ਉਲੰਘਣਾ ਨਹੀਂ ਹੋਈ ਤੇ ਨਿਰਧਾਰਤ ਕਾਨੂੰਨ ਤਹਿਤ ਹੀ ਕੀਤੀ ਗਈ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਜਸਵੰਤ ਸਿੰਘ ਗੱਜਣਮਾਜਰਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਹਨ, ਜਿਨ੍ਹਾਂ ‘ਤੇ ਆਪਣੀ ਕੰਪਨੀ- ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 40 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।
ਈਡੀ ਨੇ ਉਸ ਨੂੰ ਪਹਿਲਾਂ ਚਾਰ ਤੋਂ ਪੰਜ ਵਾਰ ਤਲਬ ਕੀਤਾ ਸੀ ਪਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋ ਰਿਹਾ ਸੀ, ਜਿਸ ਤੋਂ ਬਾਅਦ ਈਡੀ ਨੇ ਉਸ ਨੂੰ ਪਿਛਲੇ ਸਾਲ ਨਵੰਬਰ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ।
ਗੱਜਣਮਾਜਰਾ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ
ਇਸ ਉਪਰੰਤ ਈਡੀ ਨੇ ਉੱਨਾਂ ਦੀ ਇੱਕ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ, ਜਿਸ ਵਿੱਚ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਡਾਇਰੈਕਟਰ ਹਨ ਜੋ ਇੱਕ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਜੁੜੀ ਜਾਂਚ ਵਿੱਚ ਸ਼ਾਮਲ ਹੈ। ਤਾਰਾ ਹੈਲਥ ਫੂਡ ਲਿਮਟਿਡ THFL ਨੂੰ ਪ੍ਰਾਪਤ ਹੋਏ ਕਰਜ਼ੇ ਦੀ ਵਰਤੋਂ ਹੋਰ ਉਦੇਸ਼ਾਂ ਲਈ ਕੀਤੀ ਗਈ ਸੀ ਜਿਨ੍ਹਾਂ ਲਈ ਕਰਜ਼ਾ ਲਿਆ ਗਿਆ ਸੀ। ਗੱਜਣਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਦੀ ਰਕਮ “ਡਾਇਵਰਟ” ਕੀਤੀ ਗਈ ਸੀ ਅਤੇ 33.99 ਕਰੋੜ ਰੁਪਏ ਮੈਸਰਜ਼ THFL ਨੂੰ ਦਿੱਤੇ ਗਏ ਸਨ।
1 ਰੁਪਏ ਤਨਖਾਹ ਲੈਣ ਬਾਰੇ ਬਿਆਨ ਨਾਲ ਸੁਰਖੀਆਂ ‘ਚ ਆਏ ਸਨ ਵਿਧਾਇਕ
‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉਸ ਸਮੇਂ ਸੁਰਖੀਆਂ ‘ਚ ਆ ਗਏ, ਜਦੋਂ ਉਨ੍ਹਾਂ ਨੇ ਸਿਰਫ ਇਕ ਰੁਪਏ ਦੀ ਤਨਖਾਹ ਲੈਣ ਦਾ ਐਲਾਨ ਕੀਤਾ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ ਸੀ।