ਹਾਈਕੋਰਟ ਵੱਲੋਂ ਚੋਣਾਂ ਬਾਰੇ ਰਾਜ ਸਰਕਾਰ ਨੂੰ ਆਦੇਸ਼
ਚੰਡੀਗੜ੍ਹ, 10 ਜੂਨ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਰਾਜ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਪੰਚਾਇਤੀ ਚੋਣਾਂ ਦੇ ਨਾਲ ਨਾਲ ਪੇਂਡੂ ਸਥਾਨਕ ਸਰਕਾਰਾਂ ਵਜੋਂ ਕਾਰਜਸ਼ੀਲ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਲਈ ਵੀ ਚੋਣਾਂ ਕਰਵਾਈਆਂ ਜਾਣਗੀਆਂ।
ਇਸ ਸਬੰਧੀ ਰਾਜ ਚੋਣ ਦਫ਼ਤਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਅੰਤਿਮ ਵੋਟਰ ਸੂਚੀਆਂ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਧਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕੀਤੇ ਹੋਏ ਹਨ।
ਦੱਸਣਯੋਗ ਹੈ ਕਿ ਰਾਜ ਵਿੱਚ ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਮਹੀਨੇ ਖਤਮ ਹੋਣ ਕਰਕੇ ਸਾਰੇ ਡਿਪਟੀ ਕਮਿਸ਼ਨਰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਨਿਯੁਕਤ ਕੀਤੇ ਗਏ ਸਨ।
ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ ਜਦਕਿ 153 ਬਲਾਕ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ ਵੀ 31 ਦਸੰਬਰ 2023 ਨੂੰ ਪੂਰਾ ਹੋਇਆ ਸੀ। ਪੰਚਾਇਤੀ ਚੋਣਾਂ ਦੇ ਨਾਲ ਨਾਲ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਲਈ ਵੀ ਇਹ ਚੋਣਾਂ ਕਰਵਾਈਆਂ ਜਾਣਗੀਆਂ।
ਹਾਈਕੋਰਟ ਵੱਲੋਂ ਚੋਣਾਂ ਬਾਰੇ ਰਾਜ ਸਰਕਾਰ ਨੂੰ ਆਦੇਸ਼
ਪੰਚਾਇਤੀ ਰਾਜ ਕਾਨੂੰਨ ਵਿੱਚ ਪੰਚਾਇਤ ਦੀ ਮਿਆਦ ਪੂਰੀ ਹੋਣ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਕਰਵਾਉਣ ਦਾ ਪ੍ਰਬੰਧ ਹੈ ਪਰ ਚੋਣਾਂ ਮਿਥੇ ਸਮੇਂ ਅੰਦਰ ਨਾ ਕਰਵਾਉਣ ਦੇ ਮੁੱਦੇ ਉੱਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਰਾਜ ਸਰਕਾਰ ਨੂੰ ਫਟਕਾਰ ਲਗਾਈ ਸੀ। ਪੰਜਾਬ ਵਿੱਚ ਪਿਛਲੀਆਂ ਪੰਚਾਇਤੀ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ।
ਪਿਛਲੇ ਸਾਲ ਪੰਜ ਸਾਲ ਦੇ ਕਾਰਜਕਾਲ ਤੋਂ ਪਹਿਲਾਂ ਰਾਜ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਵਿਵਾਦਪੂਰਨ ਆਦੇਸ਼ ਜਾਰੀ ਕਰਨ ਲਈ ਦੋ ਆਈਏਐਸ ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਪੰਜਾਬ ਸਰਕਾਰ ਨੇ 31 ਅਗਸਤ, 2023 ਨੂੰ ਪੰਚਾਇਤਾਂ ਨੂੰ ਭੰਗ ਕਰਨ ਬਾਰੇ ਆਪਣਾ ਨੋਟੀਫਿਕੇਸ਼ਨ ਵਾਪਸ ਲੈ ਲਿਆ, ਜਦੋਂ ਉਹ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਨੂੰ ਜਾਇਜ਼ ਠਹਿਰਾਉਣ ਵਿੱਚ ਅਸਫਲ ਰਹੀ।