ਪਟਨਾ, 13 ਮਈ 2024 (ਫਤਿਹ ਪੰਜਾਬ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ ਪਟਨਾ ਸ਼ਹਿਰ ਦੇ ਤਖਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ, ਬਿਹਾਰ ਦੇ ਦਰਸ਼ਨ ਕੀਤੇ। ਮੋਦੀ ਨੇ ਦਸਤਾਰ ਸਜਾ ਕੇ ਤਖ਼ਤ ਸਾਹਿਬ ਉਪਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਲੰਗਰ ਵੀ ਛਕਾਇਆ।
ਇਸ ਫੇਰੀ ਮੌਕੇ ਮੌਜੂਦ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਅਤੇ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ ਹਨ। ਪ੍ਰਸਾਦ ਪਟਨਾ ਸਾਹਿਬ ਲੋਕ ਸਭਾ ਹਲਕੇ ਤੋਂ ਦੁਬਾਰਾ ਚੋਣ ਲੜ ਰਹੇ ਹਨ।
ਪ੍ਰਸਾਦ ਨੇ ਦੱਸਿਆ ਕਿ ਮੋਦੀ ਨੇ ਗੁਰਦੁਆਰੇ ਵਿੱਚ ਖਾਣਾ ਪਕਾਇਆ, ਰੋਟੀਆਂ ਪਕਾਈਆਂ ਅਤੇ ਲੋਕਾਂ ਨੂੰ ਆਪਣੇ ਹੱਥਾਂ ਨਾਲ ਲੰਗਰ ਦੀ ਸੇਵਾ ਕੀਤੀ।
ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਬਿਹਾਰ ਰਾਜ ਦੀ ਰਾਜਧਾਨੀ ਵਿੱਚ ਸਥਿਤ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਇਸ ਤਖ਼ਤ ਦੀ ਉਸਾਰੀ ਦਾ ਕੰਮ ਮਹਾਰਾਜਾ ਰਣਜੀਤ ਸਿੰਘ ਵੱਲੋਂ 18ਵੀਂ ਸਦੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਹੋਣ ਕਾਰਨ ਸੇਵਾ ਸ਼ੁਰੂ ਕੀਤੀ ਗਈ ਸੀ।
ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਵਿੱਚ ਪਟਨਾ ਵਿਖੇ ਹੋਇਆ ਸੀ ਅਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸ਼ੁਰੂਆਤੀ ਸਾਲ ਇੱਥੇ ਬਿਤਾਏ ਸਨ।